ਚੰਡੀਗੜ੍ਹ: ਪੰਜਾਬ 'ਚ ਇਸ ਸਮੇਂ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਹੈ। ਸਾਰੀ ਹੀ ਸਿਆਸੀ ਪਾਰਟੀਆਂ ਇਸ ਵੇਲੇ ਇਸ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੀਆਂ ਹਨ। ਉੱਥੇ ਹੀ ਪੰਜਾਬ ਦੇ ਵਿੱਚ ਬਿਜਲੀ ਦੇ ਕੱਟ ਲੱਗਣ ਕਾਰਨ ਲੋਕੀਂ ਵੀ ਕਾਫੀ ਜ਼ਿਆਦਾ ਪ੍ਰੇਸ਼ਾਨ ਨਜ਼ਰ ਆ ਰਹੇ ਹਨ, ਅਤੇ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੁਣ ਆਮ ਆਦਮੀ ਪਾਰਟੀ ਵੀ ਇਸ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਿਚ ਤਿੰਨ ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ।
ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਸਮੇਤ ਹਰ ਵਰਗ ਨੂੰ 24 ਘੰਟੇ ਤੇ ਸਸਤੀ ਬਿਜਲੀ ਮੁੱਹਈਆ ਕਰਵਾਈ ਜਾਵੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਬੇਰੁਜ਼ਗਾਰ, ਮੁਲਾਜ਼ਮ ਸਮੇਤ ਹਰ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜ਼ਾਹਰੇ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਗਰਮੀ 'ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬੇਹੱਦ ਮਹਿੰਗੀ ਬਿਜਲੀ ਹੋਣ ਦਾ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤਾ ਰੱਦ ਨਾ ਕੀਤੇ ਜਾਣਾ ਹੈ।
ਮੀਤ ਹੇਅਰ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਜਿਹੜੇ ਸਮਝੌਤੇ ਕੀਤੇ ਗਏ ਸੀ, ਉਸ ਵਿੱਚ ਲਿਖਿਆ ਸੀ ਕਿ ਜੇਕਰ ਕੋਈ ਵੀ ਪ੍ਰਾਈਵੇਟ ਥਰਮਲ ਪਲਾਂਟ ਸਾਲ ਦੇ 365 ਦਿਨਾਂ ਵਿੱਚੋਂ 91 ਦਿਨ ਬੰਦ ਰੱਖੇ ਜਾਂਦੇ ਹਨ ਤਾਂ ਸਰਕਾਰ ਥਰਮਲ ਪ੍ਰਬੰਧਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸੇ ਕਾਰਨ ਹੀ ਹੁਣ ਜਦੋਂ ਬਿਜਲੀ ਦੀ ਸਭ ਤੋਂ ਵੱਧ ਮੰਗ ਹੈ ਤਾਂ ਪ੍ਰਾਈਵੇਟ ਥਰਮਲ ਪਲਾਂਟ ਆਪਣੀ ਮਰਜ਼ੀ ਨਾਲ ਹੀ ਬਿਜਲੀ ਮੁਹੱਈਆ ਕਰਵਾ ਰਹੇ ਹਨ।