ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ (CM Charanjit Singh Channi) ਨੇ ਸੋਮਵਾਰ ਨੂੰ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਤੇ ਨਾਲ ਹੀ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਕੀਤਾ। ਸੀਐਮ ਚੰਨੀ (CM Channi News) ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ। ਇਸੇ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਦਾਅਵੇ ਦੀ ਫੂਕ ਕੱਢ ਦਿੱਤੀ।
ਖਰੜ ’ਚ ਇਹ ਹਨ ਪ੍ਰੋਜੈਕਟ
ਖਰੜ ਦੇ ਪਿੰਡ ਤ੍ਰਿਪੜੀ ਵਿਖੇ 20 ਕਰੋੜ ਰੁਪਏ ਦੀ ਸਾਂਝੀ ਲਾਗਤ ਨਾਲ ਇੱਕ ਆਈ.ਟੀ.ਆਈ., ਇੱਕ ਆਡੀਟੋਰੀਅਮ ਸਮੇਤ ਇੱਕ ਇਨਡੋਰ ਸਪੋਰਟਸ ਹਾਲ ਅਤੇ ਇੱਕ ਫੁੱਟਬਾਲ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਨੇ ਪਿੰਡ ਤ੍ਰਿਪੜੀ ਵੱਲੋਂ 8 ਏਕੜ ਜ਼ਮੀਨ ਦਾਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਸਥਾਪਤ ਕੀਤੀ ਜਾਣ ਆਈ.ਟੀ.ਆਈ. ਇਸ ਖੇਤਰ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਦੇ ਨਾਲ ਹੀ ਇਨਡੋਰ ਸਪੋਰਟਸ ਹਾਲ ਵਿੱਚ ਜਿਮਨਾਸਟਿਕ, ਬਾਸਕਟਬਾਲ, ਵਾਲੀਬਾਲ ਅਤੇ ਹੋਰ ਖੇਡ ਸਹੂਲਤਾਂ ਸ਼ਾਮਲ ਹੋਣਗੀਆਂ ਜਿਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ।
ਚੰਨੀ ਨੇ ਕਿਹਾ ਕਿ ਆਈ.ਟੀ.ਆਈ. ਦੀ ਇਮਾਰਤ ਜਨਵਰੀ, 2022 ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ, ਜਦੋਂ ਕਿ ਇਨਡੋਰ ਸਪੋਰਟਸ ਹਾਲ ਅਗਸਤ 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੁੱਟਬਾਲ ਦਾ ਮੈਦਾਨ ਅਪ੍ਰੈਲ, 2022 ਤੱਕ ਮੁਕੰਮਲ ਹੋ ਜਾਵੇਗਾ।