ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦੇ ਐਲਾਨ (AAP's government's free electricity scheme) ਨੂੰ ਆਮ ਆਦਮੀ ਪਾਰਟੀ (ਆਪ) ਨੇ ਦੇਸ਼ ਦੇ ਲੋਕਤੰਤਰੀ ਇਤਿਹਾਸ ਦਾ ਸਭ ਤੋਂ ਵੱਡਾ ਲੋਕ ਹਿੱਤ ਫੈਸਲਾ ਕਰਾਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅੱਜ ਇਕ ਮਹੀਨੇ ਦੇ ਅੰਦਰ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਆਪਣਾ ਸਭ ਤੋਂ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਡਾ: ਸੰਨੀ ਸਿੰਘ ਆਹਲੂਵਾਲੀਆ ਵੀ ਮੌਜੂਦ ਸਨ।
ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਅਤੇ ਜਨਤਾ ਨਾਲ ਧੋਖਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਅਤੇ ਮੁੱਖ ਮੰਤਰੀ ਸਾਢੇ ਪੰਜ ਸਾਲ ਸੌਂਦੇ ਰਹੇ ਅਤੇ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਉਹ ਜਨਤਾ ਨੂੰ ਮੂਰਖ ਬਣਾ ਕੇ ਵੋਟਾਂ ਬਟੋਰਨ ਲਈ ਲੋਕ-ਲੁਭਾਊ ਕੰਮ ਕਰਦੇ ਸਨ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਮੁਫਤ ਬਿਜਲੀ ਦੀ ਗਾਰੰਟੀ ਨੂੰ ਪੂਰਾ ਕਰਕੇ ਦੇਸ਼ ਵਿੱਚ ਇੱਕ ਨਵੀਂ ਅਤੇ ਇਮਾਨਦਾਰ ਸਿਆਸੀ ਪਰੰਪਰਾ ਦੀ ਸ਼ੁਰੂਆਤ ਕੀਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਰਵਿੰਦ ਕੇਜਰੀਵਾਲ ਤੋਂ ਸਿੱਖਣਾ ਚਾਹੀਦਾ ਹੈ ਕਿ ਇਮਾਨਦਾਰੀ ਨਾਲ ਸਰਕਾਰ ਚਲਾ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।