ਚੰਡੀਗੜ੍ਹ: ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਸਮੇਂ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕਾਂ ਨੂੰ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿੱਚ 8 ਅੰਕ ਦਿੱਤੇ ਜਾਂਦੇ ਸਨ ਪਰ ਮੌਜੂਦਾ ਕਾਂਗਰਸ ਸਰਕਾਰ ਸਮੇਂ ਇਹ 8 ਅੰਕ ਦੇਣੇ ਬੰਦ ਕਰ ਕੇ ਉਲਟਾ ਅੰਗਰੇਜ਼ੀ ਨੂੰ ਉਤਸ਼ਾਹਿਤ ਕਰਨ ਵਾਲਿਆਂ ਨੂੰ 5 ਅੰਕ ਦੇਣ ਦਾ ਫ਼ੈਸਲਾ ਕਰ ਦਿੱਤਾ ਗਿਆ ਹੈ, ਜੋ ਕਿ ਪੰਜਾਬ ਦੇ ਲੋਕਾਂ ਲਈ ਹੈਰਾਨੀਜਨਕ ਹੈ ਕਿਉਂਕਿ ਰਾਜ ਦੀ ਭਾਸ਼ਾ ਹੀ ਪੰਜਾਬੀ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਪਹਿਲਾਂ ਸਰਕਾਰ ਨੇ ਆਪਣੀ ਜਮਾਤ ਦੇ 10 ਫ਼ੀਸਦੀ ਬੱਚਿਆਂ ਨੂੰ ਅੰਗਰੇਜ਼ੀ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ 5 ਅੰਕ ਦੇਣ ਦੀ ਮੱਦ ਸ਼ਾਮਲ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਨਵੇਂ ਫੈਸਲੇ ਨਾਲ ਪੰਜਾਬੀ ਨੂੰ ਉਤਸ਼ਾਹਿਤ ਕਰਨ ਵਾਲੇ, ਪੰਜਾਬੀ ਨੂੰ ਪਿਆਰ ਕਰਨ ਵਾਲੇ ਤੇ ਇਸ ਲਈ ਡਟਣ ਵਾਲੇ ਅਧਿਆਪਕਾਂ ਨੂੰ 13 ਅੰਕਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।