ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀ ਕਾਂਡ 'ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਆਪਣੇ ਸੰਕਲਪ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਗਠਿਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ ਹੁਣ ਤੱਕ 5 ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਨਾਮਜ਼ਦ ਕੀਤੇ ਗਏ ਹਨ, ਜਦੋਂਕਿ 5 ਜਣਿਆਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ।
ਬੇਅਦਬੀ ਦੇ ਮਾਮਲਿਆਂ 'ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ: ਕੈਪਟਨ - ਸਾਰੇ ਦੋਸ਼ੀਆਂ ਨੂੰ ਸਜ਼ਾਵਾਂ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀ ਕਾਂਡ 'ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾਣਗੀਆਂ।
ਉਨ੍ਹਾਂ ਖੁਲਾਸਾ ਕੀਤਾ ਕਿ ਵਿਧਾਨ ਸਭਾ ਵੱਲੋਂ ਪਾਸ ਮਤੇ ਮੁਤਾਬਕ ਇਸ ਮਾਮਲੇ ਦੀ ਸੁਤੰਤਰ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਵੀ ਗਠਿਤ ਕੀਤੀ ਗਈ ਸੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਧਾਈ ਗਈ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਨੌਕਰੀ ਵੀ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਮੁਹੱਈਆ ਕਰਵਾਈ ਹੈ। ਪਿਛਲੀ ਸਰਕਾਰ 'ਤੇ ਕਰਾਰੀ ਚੋਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 28 ਮਹੀਨਿਆਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ 85 ਘਟਨਾਵਾਂ ਵਿੱਚੋਂ 57 ਮਾਮਲੇ ਹੱਲ ਕਰ ਦਿੱਤੇ ਗਏ ਹਨ। ਜਦੋਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ 132 ਘਟਨਾਵਾਂ ਵਾਪਰੀਆਂ ਤੇ ਇਨ੍ਹਾਂ 'ਚੋਂ ਕੇਵਲ 66 ਹੀ ਹੱਲ ਹੋ ਸਕੀਆਂ।