ਚੰਡੀਗੜ੍ਹ: ਇੰਟਰਸਿਟੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਕਰਫਿਊ ਹਟਾ ਕੇ ਲੌਕਡਾਊਨ ਕਰ ਦਿੱਤਾ ਹੈ ਜਿਸ ਨਾਲ ਸ਼ਹਿਰ ਦੀ ਸਾਰੀ ਮਾਰਕੀਟ ਖੋਲ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਮਾਰਕੀਟ ਖੋਲਣ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਦਾ ਨਿਸ਼ਚਿਤ ਕੀਤਾ ਪਰ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਕਾਫ਼ੀ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ, ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਚੰਡੀਗੜ੍ਹ ਦੇ ਇੱਕ ਐਡਵੋਕੇਟ ਪੰਕਜ਼ ਚਾਂਦ ਗੋਟੀਆਂ ਵੱਲੋਂ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਪੀਆਈਐਲ ਫਾਈਲ ਦਾਇਰ ਕੀਤੀ ਗਈ ਸੀ। ਜਿਸ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੇ ਹਾਈਕੋਰਟ ਵਿੱਚ ਕਿਹਾ ਕਿ ਪ੍ਰਸ਼ਾਸਨ ਨੇ ਇਹ ਫੈਸਲਾ ਸਾਰੇ ਲੋਕਾਂ ਦੀ ਰਾਏ ਲੈਣ ਤੋਂ ਬਾਅਦ ਲਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਉਨ੍ਹਾਂ ਨੇ ਕਰਫਿਊ ਹਟਾ ਕੇ ਲੌਕਡਾਊਨ ਤੋਂ ਪਹਿਲਾਂ ਸ਼ਹਿਰ ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ, ਟਰੇਡਰ ਐਸੋਸੀਏਸ਼ਨ, ਸ਼ਹਿਰ ਦੇ ਸੀਨੀਅਰ ਡਾਇਰੈਕਟਰ ਹੈਲਥ ਸਰਵਿਸਿਜ਼, ਡਾਕਟਰ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਸੁਝਾਅ ਲੈਣ ਤੋਂ ਬਾਅਦ ਕਰਫਿਊ ਹਟਾਉਣ ਦਾ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ 18 ਮਾਰਚ ਨੂੰ ਕੋਰੋਨਾ ਵਾਇਰਸ ਦਾ ਪਹਿਲਾਂ ਕੇਸ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ 19 ਮਾਰਚ ਨੂੰ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ। ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਰਕੇ 23 ਮਾਰਚ ਨੂੰ ਪੂਰੇ ਸ਼ਹਿਰ ਵਿੱਚ ਕਰਫਿਊ ਦੇ ਆਰਡਰ ਆ ਗਏ ਸੀ। ਉਸ ਤੋਂ ਬਾਅਦ ਦੇਸ਼-ਭਰ ਵਿੱਚ 14 ਅਪ੍ਰੈਲ ਤੋਂ ਲੌਕਡਾਊਨ ਨੂੰ ਵਧਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ ਪ੍ਰਸ਼ਾਸਨ ਨੇ ਵੀ ਸ਼ਹਿਰ ਵਿੱਚ 3 ਮਈ ਤੱਕ ਲੌਕਡਾਊਨ ਕਰ ਦਿੱਤਾ, ਹੁਣ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਵਿੱਚ ਕਰਫਿਊ ਹਟਾਉਣ ਦਾ ਫ਼ੈਸਲਾ ਦਿੱਤਾ ਹੈ।