ਚੰਡੀਗੜ੍ਹ:ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ( Sidhu Musewala) ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕੀਤੇ ਹਨ ਅਤੇ ਸਿੱਧੂ ਮੂਸੇਵਾਲੇ ਦੀ ਮੌਤ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਮੂਸੇਵਾਲੇ ਦੀ ਸੁਰੱਖਿਆ ਵਾਪਸ ਲਈ ਗਈ ਸੀ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਇਹ ਵੀ ਪੜੋ:ਮੂਸੇਵਾਲਾ ਨੂੰ ਕੌਣ ਨੀ ਜਾਣਦਾ ! ਕਿੰਨ੍ਹਾਂ ਵਿਵਾਦਾਂ ’ਚ ਰਿਹਾ ਸਿੱਧੂ ?
ਰਾਜਾ ਵੜਿੰਗ ਨੇ ਕੀਤੀ ਪ੍ਰੈਸ ਕਾਨਫਰੰਸ:ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਤਲ ਦੀ ਸੀਬੀਆਈ, ਐਨਆਈਏ ਜਾਂ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਇਸ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗੀ। ਪਾਰਟੀ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮੰਗ ਵੀ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇਹ ਜਾਂਚ ਦਾ ਹਿੱਸਾ ਹੈ ਕਿ ਕਿਸ ਦੇ ਇਸ਼ਾਰੇ 'ਤੇ ਅਤੇ ਕਿਹੜੇ ਤੱਥਾਂ ਦੇ ਆਧਾਰ 'ਤੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ।
ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਂ ਵਿਸ਼ਵਾਸ ਅਤੇ ਪ੍ਰਗਟਾਵੇ ਤੋਂ ਪਰੇ ਹੈਰਾਨ ਹਾਂ। ਕਾਂਗਰਸ ਨੇ ਇੱਕ ਸ਼ਾਨਦਾਰ ਸਿਤਾਰਾ ਗੁਆ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਸਿਰਫ਼ 2 ਦਿਨਾਂ ਬਾਅਦ ਮਾਨਸਾ ਵਿੱਚ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਪੰਜਾਬ ਸਰਕਾਰ ਨੈਤਿਕ ਅਧਿਕਾਰ ਗੁਆ ਚੁੱਕੀ ਹੈ। ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।