ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ, ਝਖੜ ਅਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਕਿਸਾਨਾਂ ਨੂੰ ਅਡਵਾਇਜ਼ਰੀ ਜਾਰੀ ਕਰ ਕੇ ਖੇਤਾਂ ਵਿੱਚੋਂ ਮੀਂਹ ਦੇ ਪਾਣੀ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ।
ਖੇਤੀਬਾੜੀ ਸੱਕਤਰ ਕਾਹਨ ਸਿੰਘ ਪਨੂੰ ਨੇ ਵਿਭਾਗ ਦੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਕਿਸਾਨਾਂ ਨਾਲ ਸਪੰਰਕ ਕਰ ਕੇ ਉਨ੍ਹਾਂ ਨੂੰ ਢੁੱਕਵੀਂ ਸਲਾਹ ਦੇਣ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਪ੍ਰਭਾਵਤ ਖੇਤਰਾਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਵਿੱਚ ਸਹਾਇਤਾ ਲਈ ਮਾਲ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਹੈ।