ਚੰਡੀਗੜ੍ਹ: ਵੱਡੀ ਪੱਧਰ 'ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਮੰਗਲਵਾਰ ਨੂੰ ਇਹ ਉਮੀਦ ਜ਼ਾਹਿਰ ਕੀਤੀ ਕਿ ਰਾਜਪਾਲ ਪੰਜਾਬ ਜ਼ਰੂਰ ਸੂਬੇ ਦੀ ਆਵਾਜ਼ ਸੁਣਨਗੇ। ਪਰ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲਾਂ 'ਤੇ ਰਾਜਪਾਲ ਵੀ.ਪੀ. ਐਸ. ਬਦਨੌਰ ਵੱਲੋਂ ਹਸਤਾਖਰ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਦੀ ਸਰਕਾਰ ਕਾਨੂੰਨੀ ਚਾਰਾਜੋਈ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਕੋਲੋਂ 2 ਤੇ 5 ਨਵੰਬਰ ਦਰਮਿਆਨ ਸਮਾਂ ਮੰਗਿਆ ਹੈ ਅਤੇ ਪੰਜਾਬ ਦੇ ਸਾਰੇ ਵਿਧਾਇਕ ਰਲ ਕੇ ਰਾਸ਼ਟਰਪਤੀ ਕੋਲ ਜਾਣਗੇ ਤਾਂ ਜੋ ਸੂਬੇ ਦੇ ਹਿੱਤ ਵਿੱਚ ਉਨ੍ਹਾਂ ਦਾ ਦਖ਼ਲ ਮੰਗਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਹ ਇਹ ਨਹੀਂ ਸੋਚਦੇ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਵਾਜ਼ ਨੂੰ ਅਣਗੌਲਿਆ ਕੀਤਾ ਜਾ ਸਕਦਾ ਹੈ ਸਗੋਂ ਉਮੀਦ ਹੈ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਵੇਗਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਖ਼ਤਮ ਕਰਨ ਨਾਲ ਕਿਸਾਨੀ ਵੀ ਖ਼ਾਤਮੇ ਦੇ ਕਿਨਾਰੇ ਪਹੁੰਚ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਅਤੇ ਕੌਮੀ ਸੁਰੱਖਿਆ ਦੋਵੇਂ ਹੀ ਦਾਅ 'ਤੇ ਹਨ ਅਤੇ ਸਾਰੀਆਂ ਪਾਰਟੀਆਂ ਦਾ ਇਕਜੁਟ ਹੋਣਾ ਸੂਬੇ ਲਈ ਚੰਗੀ ਗੱਲ ਹੈ, ਜਿਸ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਇਹ ਸੁਨੇਹਾ ਪਹੁੰਚੇਗਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਾਰਾ ਪੰਜਾਬ ਪੂਰੀ ਤਰ੍ਹਾਂ ਇਕਜੁਟ ਹੈ।