ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਦੇਸ਼ ਵਿੱਚ ਤਾਨਾਸ਼ਾਹੀ ਰੁਝਾਨਾਂ ਖਿਲਾਫ ਦੇਸ਼ ਵਿਆਪੀ ਇਕਜੁੱਟ ਲਹਿਰ ਚਲਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਦੇਸ਼ ਵਿੱਚ ਅਸਲ ਸੰਘੀ ਢਾਂਚਾ ਸਥਾਪਿਤ ਕਰਨ ਲਈ ਅਜਿਹੀ ਮੁਹਿੰਮ ਜ਼ਰੂਰੀ ਹੈ।
ਕਿਸਾਨ ਰੈਲੀ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਤੇ ਤ੍ਰਿਣਾਮੂਲ ਕਾਂਗਰਸ ਦੇ ਚੇਅਰਪਰਸਨ ਮਮਤਾ ਬੈਨਰਜੀ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਲਿਖੇ ਪੱਤਰ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਅਤੇ ਪੱਛਮੀ ਬੰਗਾਲ ਨੇ ਹਮੇਸ਼ਾ ਰਾਜਾਂ ਲਈ ਸਹੀ ਵਿੱਤੀ ਤਾਕਤਾਂ ਤੇ ਸਿਆਸੀ ਖੁਦਮੁਖ਼ਤਿਆਰੀ ਦੀ ਲੜਾਈ ਲੜੀ ਹੈ ਤੇ ਸੂਬੇ ਮਜ਼ਬੂਤ ਹੋਣ ਦੀ ਬਦੌਲਤ ਭਾਰਤ ਇੱਕ ਮਜ਼ਬੂਤ ਸੰਘੀ ਰਾਜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਰਵਾਇਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਹਮਖਿਆਲੀ ਪਾਰਟੀਆਂ ਨੂੰ ਸੰਵਿਧਾਨ ਨਿਰਮਾਤਿਆਂ ਦੀਆਂ ਭਾਵਨਾਵਾਂ ਅਨੁਸਾਰ ਦੇਸ਼ ਵਿੱਚ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਵਾਸਤੇ ਸਟੈਂਡ ਲੈਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਨੇ ਰਾਜਾਂ ਦੀਆਂ ਸ਼ਕਤੀਆਂ ਕੇਂਦਰ ਵੱਲੋਂ ਆਨੇ-ਬਹਾਨੇ ਐਕਟ ਪਾਸ ਕਰਕੇ ਖੋਰ੍ਹਾ ਲੱਗਦੀਆਂ ਵੇਖੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਸਮੇਤ ਰਾਜ ਸੂਚੀ ਦੇ ਅਨੇਕਾਂ ਵਿਸ਼ਿਆਂ ’ਤੇ ਕਾਨੂੰਨ ਬਣਾਏ ਹਨ, ਜਿਸ ਕਾਰਨ ਦੇਸ਼ ਵਿੱਚ ਮੌਜੂਦਾ ਸਮੇਂ ਕਿਸਾਨ ਅੰਦੋਲਨ ਚਲ ਰਿਹਾ ਹੈ।