ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ ਲਈ ਸ੍ਰੀ ਅਕਾਲ ਤਖਤ ਸਾਹਿਬ 'ਤੇ 12 ਤੋਂ 14 ਦਸੰਬਰ ਤੱਕ ਸ੍ਰੀ ਆਖੰਡ ਪਾਠ ਸਾਹਿਬ ਕਰਵਾਏਗਾ ਅਤੇ ਪਾਰਟੀ ਨੇ ਕਿਸਾਨ ਸੰਘਰਸ਼ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਤਿੰਨ ਰੋਜ਼ਾਂ ਸਮਾਗਮ ਰੱਦ ਕਰ ਦਿੱਤਾ ਹੈ।
ਇਸ ਬਾਰੇ ਫੈਸਲਾ ਬੀਤੀ ਰਾਤ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਬੈਠਕ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਜ਼ਾਰਾਂ ਅਕਾਲੀ ਵਰਕਰ ਦਿੱਲੀ ਵਿੱਚ ਬਾਰਡਰ 'ਤੇ ਚਲ ਰਹੇ ਕਿਸਾਨ ਸੰਘਰਸ਼ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਤੈਅ ਪ੍ਰੋਗਰਾਮ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਚ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ ਤਾਂ ਕਿਸਾਨ ਸੰਘਰਸ਼ ਵੱਡੀ ਪੱਧਰ 'ਤੇ ਪ੍ਰਭਾਵਤ ਹੋਵੇਗਾ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਇਆ ਜਾਵੇ ਜਿਸਦਾ ਭੋਗ 14 ਦਸੰਬਰ ਨੂੰ ਪਾਇਆ ਜਾਵੇਗਾ।
ਕਮੇਟੀ ਨੇ ਸਮੂਹ ਪੰਜਾਬੀਆਂ ਨੂੰ ਅਤੇ ਦੇਸ਼ ਭਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਕਿਸਾਨਾਂ ਨਾਲ ਇਕਜੁੱਟਤਾ ਵਿਖਾਉਣ।