ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਵਿੱਚ ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਵਰਕਰਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਨਿਖੇਧੀ ਕੀਤੀ। ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ। ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜਾਨ ਲੈਣ ਲਈ ਸੋਚੀਆ ਸਮਝਿਆ ਹਮਲਾ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਪੁਲਿਸ ਦੀ ਇਸ ਅਪਰਾਧ ਵਿੱਚ ਹਿੱਸੇਦਾਰ ਸੀ, ਜਿਨ੍ਹਾਂ ਹਮਲਾਵਰਾਂ ਨੂੰ ਰੋਕਣ ਦਾ ਕੋਈ ਯਤਨ ਨਹੀਂ ਕੀਤਾ।
ਡਾ. ਚੀਮਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਉਚ ਪੱਧਰੀ ਨਿਆਂਇਕ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਨਿਗਰਾਨ ਹੇਠ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਘਿਨੌਣਾ ਅਪਰਾਧ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ। ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਤੰਤਰਦਾ ਕਤਲ ਹੋ ਗਿਆ ਹੈ ਕਿਉਂਕਿ ਅਪਰਾਧੀ ਖੁੱਦ ਮਨਮਰਜੀ ਮੁਤਾਬਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ’ਤੇ ਸੂਬੇ ਵਿੱਚ ਸ਼ਾਂਤੀ ਤੇਫਿਰਕੂ ਸਦਪਾਵਨਾ ਭੰਗ ਹੋਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣ ਦਾ ਦੋਸ਼ ਲਗਾਇਆ ਹੈ।