ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ। ਹਰ ਇਕ ਸਿਆਸੀ ਪਾਰਟੀ ਵਲੋਂ ਜਿਥੇ ਜੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਇਕ ਦੂਸਰੇ ਖਿਲਾਫ਼ ਬਿਆਨਬਾਜ਼ੀ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਵੀ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਇੱਕ ਵੀਡੀਓ ਜਾਰੀ ਕੀਤਾ ਗਿਆ, ਜਿਸ ਨੂੰ ਲੈਕੇ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
'ਅਕਾਲੀ ਦਲ ਖਿਲਾਫ਼ ਲੋਕਾਂ ਨੂੰ ਭੜਕਾ ਰਹੇ'
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਵਲੋਂ ਬਿਨਾਂ ਕਿਸੇ ਸਬੂਤਾਂ 'ਤੇ ਅਕਾਲੀ ਦਲ ਖਿਲਾਫ਼ ਲੋਕਾਂ ਨੂੰ ਭੜਕਾਇਆ ਜਾ ਰਿਹਾ ਹੈ। ਜੋ ਚੋਣ ਕਮਿਸ਼ਨ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਉਨ੍ਹਾਂ ਦਾ ਕਹਿਣਾ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਕਈ ਵਾਰ ਪਹਿਲਾਂ ਵੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
'ਦਿੱਲੀ ਦਾ ਪੈਸਾ ਪੰਜਾਬ 'ਚ ਖਰਚ ਕਰ ਰਹੇ'
ਉਨ੍ਹਾਂ ਨਾਲ ਹੀ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਦੇ ਲੋਕਾਂ ਦਾ ਪੈਸਾ ਪੰਜਾਬ 'ਚ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਜੇਕਰ ਉਨ੍ਹਾਂ ਦਾ ਕੋਈ ਆਪਣਾ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕੇਡਰ ਸਭ ਤੋਂ ਵੱਧ ਹੈ, ਇਸ ਲਈ ਆਪਣੀ ਇੱਜ਼ਤ ਬਚਾਉਣ ਲਈ ਆਮ ਆਦਮੀ ਪਾਰਟੀ ਵਲੋਂ ਅਖਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ।