ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਬੀਤੇ ਦੋ ਮਹੀਨਿਆਂ ਤੋਂ ਭਖੀ ਹੋਈ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਕਿਸਾਨ ਵਿਰੋਧੀ ਦੱਸ ਰਹੀਆਂ ਹਨ। ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਇਸ ਨੂੰ ਹੁਣ ਤੱਕ ਕਿਸਾਨ ਹਿਤੈਸ਼ੀ ਕਰਾਰ ਦੇ ਰਹੀਆਂ ਹਨ। ਸ਼ਨੀਵਾਰ ਨੂੰ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਬੈਠਕ ਵਿੱਚ ਅਕਾਲੀ ਦਲ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ "ਕੂਹਣੀ ਮੋੜ" ਕੱਟਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤੱਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਬਿੱਲ ਦੇ ਰੂਪ ਵਿੱਚ ਸੰਸਦ 'ਚ ਪੇਸ਼ ਨਾ ਕਰੇ। ਇਸ ਬਾਬਤ ਫੈਸਲਾ ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਅਕਾਲੀ ਦਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕੋਰ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਅੰਨਾਦਾਤਾ ਦੇ ਖਦਸ਼ੇ ਦੂਰ ਕਰਨਾ, ਇਸਦੀ ਜ਼ਿੰਮੇਵਾਰੀ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਉਠਾਏ ਸਾਰੇ ਮਾਮਲੇ ਕੇਂਦਰ ਸਰਕਾਰ ਕੋਲ ਚੁੱਕਣ ਲਈ ਦ੍ਰਿੜ੍ਹ ਹੈ।
ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਅਗਵਾਈ ਹੇਠ ਕਿਸਾਨ ਸੰਗਠਨਾਂ, ਕਿਸਾਨ ਪ੍ਰਤੀਨਿਧਾਂ ਤੇ ਖੇਤ ਮਜ਼ਦੂਰਾਂ ਦੇ ਪ੍ਰਤੀਨਿਧਾਂ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗਾ ਕੀਤੀਆਂ ਹਨ। ਇਸ ਨੇ ਖੇਤੀਬਾੜੀ ਮਾਹਿਰਾਂ ਨਾਲ ਵੀ ਵਿਚਾਰ ਵਟਾਂਦਰਾ ਕਰ ਕੇ ਉਨ੍ਹਾਂ ਦੇ ਵਿਚਾਰ ਲਏ ਹਨ ਜਦਕਿ ਹੇਠਲੇ ਪੱਧਰ ’ਤੇ ਪਾਰਟੀ ਵਰਕਰਾਂ ਤੇ ਸੀਨੀਅਰ ਪਾਰਟੀ ਆਗੂਆਂ ਦੀ ਰਾਇ ਵੀ ਲਈ ਹੈ। ਬਿਆਨ ਵਿੱਚ ਕਿਹਾ ਗਿਆ ਕਿ ਇਹ ਰਾਇ ਲੈਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੱਸੇ ਖਦਸ਼ੇ ਦੂਰ ਕਰਨ ਤੱਕ ਇਹ ਕੇਂਦਰੀ ਆਰਡੀਨੈਂਸ ਪਾਸ ਕਰਵਾਉਣ ਦੀ ਕਾਹਲ ਨਹੀਂ ਕਰਨੀ ਚਾਹੀਦੀ।