ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਕਿਹਾ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਕਾਂਗਰਸ ਦੀ ਉਚ ਤਾਕਤੀ ਕਮੇਟੀ ਵਿਚ ਨਿਯੁਕਤੀ ਲਈ ਸਹਿਮਤੀ ਕਿਉਂ ਦਿੱਤੀ।
ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਕਿਹਾ ਕਿ ਅਕਾਲੀ ਦਲ ਇਹ ਸਵਾਲ ਪੁੱਛਣ ਲਈ ਮਜਬੂਰ ਹੋਇਆ ਹੈ, ਕਿਉਂਕਿ ਇਸ ਮਾਮਲੇ ਵਿਚ ਦੋਸ਼ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਲਗਾਏ ਹਨ। ਉਹਨਾਂ ਕਿਹਾ ਕਿ ਜਾਖੜ ਨੇ ਸਪਸ਼ਟ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਅਬਿੰਕਾ ਸੋਨੀ, ਜੋ ਪੰਜਾਬ ਕਾਂਗਰਸ ਦੇ ਅਸਿੱਘੇ ਰੂਪ ਵਿਚ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ, ਆਪ ਰਾਹੁਲ ਗਾਂਧੀ ਸਮੇਤ ਪਾਰਟੀ ਹਾਈ ਕਮਾਂਡ ਨੂੰ ਸੂਬੇ ਨਾਲ ਸਬੰਧਤ ਸਾਰੇ ਮਾਮਲਿਆਂ ’ਤੇ ਸਲਾਹ ਦੇ ਰਹੇ ਹਨ।
ਡਾ. ਚੀਮਾ ਨੇ ਕਿਹਾ ਕਿ ਭਾਵੇਂ 1984 ਦੇ ਸਿੱਖ ਕਤਲੇਆਮ ਵਿਚ ਸੁਨੀਲ ਜਾਖੜ (Sunil Jakhar) ਦੇ ਪਰਿਵਾਰ ਦੀ ਭੂਮਿਕਾ ਵੀ ਨਿੰਦਣਯੋਗ ਹੈ। ਪਰ ਫਿਰ ਵੀ ਉਹਨਾਂ ਵੱਲੋਂ ਲਗਾਏ ਦੋਸ਼ਾਂ ਦਾ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਹੁਲ ਗਾਂਧੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹਨਾਂ ਨੇ ਅਜਿਹੇ ਵਿਅਕਤੀ ਨੂੰ ਪ੍ਰਤੀਸ਼ਠਤ ਨਿਯੁਕਤੀ ਕਿਉਂ ਦਿੱਤੀ ਜਦੋਂ ਜਗਦੀਸ਼ ਟਾਈਟਲਰ ਦੇ ਹੱਥ ਖੂਨ ਨਾਲ ਰੰਗੇ ਹਨ।