ਚੰਡੀਗੜ੍ਹ: ਖੇਤੀ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਪੰਜਾਬ ਅੰਦਰ ਰੋਹ ਦੀ ਲਹਿਰ ਹੈ। ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਸੜਕਾਂ 'ਤੇ ਹਨ। ਕਿਸਾਨਾਂ ਦੀਆਂ 30 ਜਥੇਬੰਦੀਆਂ ਨੇ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਮਰਥਨ ਦਿੱਤਾ ਹੈ। ਇਸ ਬਾਰੇ ਜਾਣਕਾਰੀ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।
ਐੱਮਐੱਸਪੀ ਨੂੰ ਕਾਨੂੰਨੀ ਮਾਨਤਾ ਦਿਵਾਉਣ ਦੀ ਲੜਾਈ ਲੜੇਗਾ ਅਕਾਲੀ ਦਲ: ਚੰਦੂਮਾਜਰਾ - Minimum support price
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ ਲੜਾਈ ਲੜੇਗਾ। ਇਸੇ ਨਾਲ 25 ਸਤੰਬਰ ਦੇ ਪੰਜਾਬ ਬੰਦ ਵਿੱਚ ਅਕਾਲੀ ਵਰਕਰਾਂ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਵੀ ਚੰਦੂਮਾਜਰਾ ਨੇ ਕੀਤੀ ਹੈ।
ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ 25 ਸਤੰਬਰ ਦੇ ਬੰਦ ਦੇ ਸਮਰਥਨ ਵਿੱਚ ਸੜਕਾਂ 'ਤੇ ਆਵੇਗੀ। ਉਨ੍ਹਾਂ ਨੇ ਪਾਰਟੀ ਕਾਰਕੁੰਨਾਂ ਅਤੇ ਆਗੂਆਂ ਨੂੰ ਇਸ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਇਸ ਨੂੰ ਜਮਹੂਰੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਭ ਪੰਜਾਬੀਆਂ ਨੂੰ ਇੱਕ ਮੰਚ 'ਤੇ ਇੱਕਠੇ ਹੋਣ ਦਾ ਸਮਾਂ ਆ ਗਿਆ ਹੈ।
ਉਨ੍ਹਾਂ ਇਸੇ ਨਾਲ ਇਹ ਗੱਲ ਵੀ ਕਹੀ ਕਿ ਘਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ ਅਤੇ ਇਸ ਨੂੰ ਮੌਲਿਕ ਅਧਿਕਾਰਾਂ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਕਾਨੂੰਨੀ ਮਾਨਤਾ ਦਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜਾਈ ਲੜੇਗਾ।