ਚੰਡੀਗੜ੍ਹ:ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਅਮੀਤ ਸ਼ਾਹ ਦੇ ਦੌਰੇ ਨੂੰ ਲੈ ਕੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋਏ ਰਾਣਾ ਸੋਢੀ ਨੇ ਇੱਕ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਵੱਡੇ ਆਗੂ ਭਾਜਪਾ ਚ ਸ਼ਾਮਲ ਹੋਣਗੇ। ਇਸ ਬਿਆਨ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ।
ਅਮਿਤ ਸ਼ਾਹ ਦੇ ਦੌਰੇ ਦੇ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਪਾਰਟੀ ਦੇ ਦੋ ਵੱਡੇ ਹਿੰਦੂ ਚਿਹਰੇ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਸਾਹਮਣੇ ਆ ਰਿਹਾ ਹੈ ਕਿ ਓਪੀ ਸੋਨੀ ਅਤੇ ਰਾਜ ਕੁਮਾਰ ਵੇਰਕਾ ਕਾਂਗਰਸ ਛੱਡ ਬੀਜੇਪੀ ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਓਮ ਪ੍ਰਕਾਸ਼ ਸੋਨੀ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਨੂੰ ਛੱਡ ਕਿਧਰੇ ਨਹੀਂ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।
'ਮੈ ਨਹੀਂ ਜਾ ਰਿਹਾ ਕਿਧਰੇ ਵੀ': ਇਸ ਸਬੰਧ ’ਚ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਦਾ ਕਹਿਣਾ ਕਿ ਮੈ ਕਿਸੇ ਹੋਰ ਪਾਰਟੀ ਚ ਸ਼ਾਮਲ ਹੋਣ ਦਾ ਇਰਾਦਾ ਰੱਖਦਾ ਹਾਂ ਇਹ ਪੂਰੀ ਤਰ੍ਹਾਂ ਨਾਲ ਜਾਅਲੀ ਅਤੇ ਬੇਬੁਨਿਆਦ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਆਪਣੀ ਸਮਰਥਾ ਦੇ ਨਾਲ ਇਸਦੀ ਸੇਵਾ ਕਰਦਾ ਰਹਾਂਗਾ।