ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਮਨਜ਼ੂਰੀ ਤੋਂ ਬਿਨ੍ਹਾਂ ਮਿਊਂਸਪਲ ਹੱਦ ਤੋਂ ਬਾਹਰ ਉਸਾਰੀਆਂ ਇਕਹਿਰੀਆਂ ਇਮਾਰਤਾਂ ਨੂੰ ਬਿਲਡਿੰਗ ਉਪ-ਨਿਯਮਾਂ ਦੀ ਸਖ਼ਤ ਪਾਲਣਾ ਨਾਲ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।ਇਹ ਯਕਮੁਸ਼ਤ ਨਿਪਟਾਰਾ ਨੀਤੀ ਲਈ ਅਰਜ਼ੀਆਂ 31 ਮਾਰਚ, 2022 ਤੱਕ ਪ੍ਰਵਾਨ ਕੀਤੀਆਂ ਜਾਣਗੀਆਂ, ਅਤੇ ਇਹ ਨੀਤੀ ਅਜਿਹੀਆਂ ਇਮਾਰਤਾਂ ਨੂੰ ਸਧਾਰਨ ਫ਼ੀਸ ਅਤੇ ਸਰਕਾਰੀ ਬਕਾਏ ਦੇ ਨਿਪਟਾਰੇ ਦੀ ਅਦਾਇਗੀ ਨਾਲ ਰੈਗੂਲਰ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਇਨ੍ਹਾਂ ਨੂੰ ਯੋਜਨਾਬੰਦੀ ਦੇ ਦਾਇਰੇ ਹੇਠ ਲਿਆਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਵੇਗਾ।
ਇਸ ਨੀਤੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ, ਮੁੱਖ ਮੰਤਰੀ ਦੇ ਇਕ ਬੁਲਾਰੇ ਨੇ ਦੱਸਿਆ, ਕਿ ਇਹ ਨੀਤੀ ਸਾਰੇ ਬਕਾਏ ਕੇਸਾਂ ਅਤੇ 31 ਮਾਰਚ, 2022 ਤੱਕ ਸੌਂਪੇ ਜਾਣ ਵਾਲੇ ਕੇਸਾਂ ਲਈ ਲਾਗੂ ਹੋਣ ਯੋਗ ਹੋਣਗੇ। ਅਜਿਹੀਆਂ ਇਮਾਰਤਾਂ ਜੋ ਮਾਸਟਰ ਪਲਾਨਜ਼ ਦੇ ਅਨੁਕੂਲ ਇਮਾਰਤੀ ਨਿਯਮਾਂ ਤਹਿਤ ਉਸਾਰੀਆਂ ਗਈਆਂ ਹਨ, ਨੂੰ ਵਿਚਾਰਿਆ ਜਾਵੇਗਾ। ਰੈਗੂਲਾਈਜੇਸ਼ਨ ਫੀਸ ਦੇ ਨਾਲ ਸੀ.ਐਲ.ਯੂ., ਈ.ਡੀ.ਸੀ., ਐਲ.ਐਫ./ਪੀ.ਐਫ.,ਐਸ.ਆਈ.ਐਫ. ਅਤੇ ਇਮਾਰਤੀ ਪੜਤਾਲ ਫੀਸ ਵਰਗੀਆਂ ਸਾਰੀਆਂ ਕਾਨੂੰਨੀ ਦਰਾਂ ਨੂੰ ਅਦਾ ਕਰਨਾ ਹੋਵੇਗਾ।