ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾਂ ਬਾਰੇ ਕੋਈ ਥਹੁ ਪਤਾ ਨਾ ਲੱਗਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਸਿੱਖ ਸੰਗਤ ਵਿੱਚ ਰੋਸ ਵੱਧ ਰਿਹਾ ਹੈ। ਉਸ ਨੇ ਲੈ ਕੇ ਆਪ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਸੰਧਵਾਂ ਨੇ ਇਸ ਮੁੱਦੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਾਸੋਂ ਇਸ ਮਾਮਲੇ ਵਿੱਚ ਸੰਗਤ ਦੀ ਇੱਛਾ ਅਨੁਸਾਰ ਤਸੱਲੀਬਖ਼ਸ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਬਾਵਜੂਦ ਵੀ ਮੁੱਦਾ ਨਾ ਸੁਲਝਣ ਕਾਰਨ ਇਹ ਗੁੱਸਾ ਹੋਰ ਵੱਧ ਰਿਹਾ ਹੈ ਜਿਸ ਨਾਲ ਕਿ ਆਉਂਦੇ ਸਮੇਂ ਸਥਿਤੀ ਤਣਾਅਪੂਰਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਰਿਟਾਇਰਡ ਸਿੱਖ ਜੱਜਾਂ ਦੇ ਪੈਨਲ ਤੋਂ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।