ਚੰਡੀਗੜ੍ਹ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀਬਾੜੀ ਸੈਕਟਰ ਲਈ ਕੀਤੇ ਐਲਾਨਾਂ ਨੂੰ ਜੁਮਲਿਆਂ ਦੀ ਪੰਡ ਕਹਿ ਕੇ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਰਥਿਕ ਪੈਕੇਜ ਵਿੱਚ ਸੰਕਟ 'ਚ ਘਿਰੇ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਨਹੀਂ ਦਿੱਤੀ ਗਈ ਜੋ ਇਨ੍ਹਾਂ ਮੁਸ਼ਕਿਲ ਹਾਲਾਤਾਂ ਇੱਕ ਤੋਂ ਬਾਅਦ ਇੱਕ, ਦੋ ਵੱਡੀਆਂ ਫ਼ਸਲਾਂ ਨੂੰ ਸੰਭਾਲਣ ਦੀਆਂ ਚੁਣੌਤੀਆਂ ਨਾਲ ਲੜ ਰਹੇ ਹਨ।
ਆਰਥਿਕ ਪੈਕੇਜ ਦੇ ਹੁਣ ਤੱਕ ਐਲਾਨੇ ਗਏ ਤਿੰਨਾਂ ਹਿੱਸਿਆਂ ਨੇ ਸਮਾਜ ਦੇ ਲੋੜਵੰਦ ਵਰਗਾਂ ਨੂੰ ਨਿਰਾਸ਼ਾ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ 'ਤੇ ਕੇਂਦਰ ਉਨ੍ਹਾਂ ਲੋਕਾਂ ਦੇ ਬਚਾਅ ਲਈ ਜ਼ਰੂਰੀ ਕਦਮ ਉਠਾਉਣ ਵਿੱਚ ਅਸਫ਼ਲ ਰਹੀ ਹੈ ਜਿਨ੍ਹਾਂ ਨੂੰ ਕੋਵਿਡ ਸੰਕਟ ਮੱਦੇਨਜ਼ਰ ਲਗਾਏ ਲੌਕਡਾਊਨ ਦੌਰਾਨ ਸੰਘਰਸ਼ ਕਰਨਾ ਪੈ ਰਿਹਾ ਹੈ।