ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ, ਜੋ ਕਿ ਹੁਣ ਬੰਦ ਹੈ, ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਕੈਬਿਨੇਟ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੀ ਇਹ ਜ਼ਮੀਨ 80:20 ਆਮਦਨ ਹਿੱਸੇਦਾਰੀ ਯੋਜਨਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਨੂੰ ਸੌਂਪ ਦਿੱਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਪੁੱਡਾ ਨੂੰ ਇਸ ਥਾਂ ਨੂੰ ਵਿਕਸਤ ਕਰਨ ਅਤੇ ਵੇਚੇ ਜਾਣ ਲਈ ਸੂਬੇ ਦੀ ਗਾਰੰਟੀ ਨਾਲ 100 ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਬਠਿੰਡਾ ਪਲਾਂਟ ਦੀ ਜ਼ਮੀਨ ਨੂੰ ਮੁੜ ਵਿਕਸਤ ਕੀਤੇ ਜਾਣ ਲਈ ਖਾਕਾ ਤਿਆਰ ਕਰਨ ਵਾਸਤੇ 18 ਮਈ, 2020 ਨੂੰ ਇਕ ਹੋਰ ਕੈਬਿਨੇਟ ਸਬ-ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਉਦਯੋਗ ਤੇ ਵਣਜ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਤੌਰ ਮੈਂਬਰ ਸ਼ਾਮਲ ਸਨ।