ਚੰਡੀਗੜ੍ਹ:ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਨਵੇਂ ਤੇ ਪੁਰਾਣੇ ਸਾਰੇ ਮੰਤਰੀ ਸ਼ਾਮਲ ਹੋਏ। ਬੈਠਕ ਵਿੱਚ ਕਈ ਫੈਸਲਿਆਂ ’ਤੇ ਮੋਹਰ ਲਗਾਈ ਗਈ।
ਮੁਫ਼ਤ ਬਿਜਲੀ 'ਤੇ ਲੱਗੀ ਮੋਹਰ:ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਅੱਜ ਕੈਬਨਿਟ ਦੇ ਸਾਥੀਆਂ ਨਾਲ ਅਹਿਮ ਮੀਟਿੰਗ ਹੋਈ। ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ 'ਤੇ ਮੋਹਰ ਲਾਈ, ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।
600 ਯੂਨਿਟ ਮੁਫ਼ਤ ਬਿਜਲੀ: ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਦੇ ਚੱਲਦੇ ਪੰਜਾਬ ਦੇ ਲੋਕਾਂ ਦੇ ਲਈ ਮੁਫਤ ਬਿਜਲੀ ਨੂੰ 1 ਜੁਲਾਈ ਤੋਂ ਦੇਣ ਦਾ ਐਲਾਨ ਕੀਤਾ ਗਿਆ। ਵਾਅਦਾ ਮੁਤਾਬਿਕ ਆਪ ਨੇ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ’ਚ ਬਿੱਲ ਦੋ ਮਹੀਨੇ ਬਾਅਦ ਆਉਂਦਾ ਹੈ ਇਸ ਲਈ ਸਰਕਾਰ ਵੱਲੋਂ ਦੋ ਮਹੀਨੇ ਦੇ ਹਿਸਾਬ ਦੇ ਨਾਲ 600 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਆਖੀ ਹੈ।