ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਨੂੰ ਅਮਲ 'ਚ ਲਿਆਉਂਦਿਆਂ ਸੂਬਾ ਪੱਧਰੀ ਕਮੇਟੀ ਨੇ ਮਾਲੇਰਕੋਟਲਾ ਜ਼ਿਲ੍ਹੇ `ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਿਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵਿਸ਼ੇਸ਼ ਤੌਰ `ਤੇ ਭਾਗ ਲਿਆ। ਇਹ ਕਮੇਟੀ ਘੱਟ ਗਿਣਤੀਆਂ ਦੇ ਆਰਥਿਕ, ਸਮਾਜਿਕ ਅਤੇ ਵਿੱਦਿਅਕ ਵਿਕਾਸ ਲਈ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਨਿਊ 15 ਨੁਕਤੀ ਪ੍ਰੋਗਰਾਮ ਤਹਿਤ, ਪ੍ਰਧਾਨ ਮੰਤਰੀ ਜਨ ਵਿਕਾਸ ਪ੍ਰੋਗਰਾਮ ਅਧੀਨ ਬਣਾਈ ਗਈ ਹੈ।
ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਮਲੇਰਕੋਟਲਾ ਅਤੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕਾਲਜ ਖੋਲ੍ਹਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਸਥਾਪਿਤ ਹੋਣ ਨਾਲ ਮੈਡੀਕਲ ਖੇਤਰ ਵਿੱਚ ਰੁਜ਼ਗਾਰ ਦੇ ਹੋਰ ਸਾਧਨ ਵੀ ਪੈਦਾ ਹੋਣਗੇ ਅਤੇ ਮੈਡੀਕਲ ਖੇਤਰ ਵਿੱਚ ਨੌਜਵਾਨਾਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਹੋਣ ਨਾਲ ਪੰਜਾਬ ਵਿੱਚ ਡਾਕਟਰਾਂ ਦੀ ਘਾਟ ਵੀ ਪੂਰੀ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਮਾਲੇਰਕੋਟਲਾ-2 ਬਲਾਕ 'ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ 24.44 ਏਕੜ ਰਕਬੇ ਵਿੱਚ 368.92 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾਵੇਗਾ। ਨਵੇਂ ਮੈਡੀਕਲ ਕਾਲਜ ਨੂੰ ਸਬ ਡਿਵੀਜਨਲ ਸਰਕਾਰੀ ਹਸਪਤਾਲ, ਮਲੇਰਕੋਟਲਾ ਨਾਲ ਜੋੜਿਆ ਜਾਵੇਗਾ। ਇਸ ਪ੍ਰੋਜੈਕਟ ਲਈ ਜ਼ਮੀਨ ਪੰਜਾਬ ਵਕਫ਼ ਬੋਰਡ ਵੱਲੋਂ ਲੀਜ `ਤੇ ਮੁਹੱਈਆ ਕਰਵਾਈ ਗਈ ਹੈ।