ਚੰਡੀਗੜ੍ਹ: ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਉਦੋਂ ਤੋਂ ਹੀ ਹਰ ਸਿਆਸੀ ਪਾਰਟੀ ਵੱਲੋਂ ਵੱਖੋ-ਵੱਖਰੇ ਪ੍ਰਤੀਕਰਮ ਦਿੱਤੇ ਜਾਂਦੇ ਹਨ ਪਰ ਹੁਣ ਭਾਜਪਾ ਪ੍ਰਧਾਨ (BJP president) ਅਸ਼ਵਨੀ ਸ਼ਰਮਾ(Ashwani Sharma) ਅਜਿਹਾ ਬਿਆਨ ਦਿੱਤਾ ਜਿਸਦੇ ਨਾਲ ਸਿਆਸਤ ਤੇ ਕਿਸਾਨੀ ਅੰਦੋਲਨ(Peasant movement) ਚ ਇਹ ਮੁੱਦਾ ਤੂਲ ਫੜਨ ਲੱਗ ਪਿਆ, ਅਸ਼ਵਨੀ ਸ਼ਰਮਾ ਨੇ ਕਿਸਾਨ ਅੰਦੋਲਨ 'ਤੇ ਵੱਡਾ ਇਲਜ਼ਾਮ ਲਾਇਆ। ਸ਼ਰਮਾ ਨੇ ਕਿਹਾ ਕਿ ਆਖਰ ਕੌਣ ਕਰ ਰਿਹਾ ਫੰਡਿੰਗ? ਪ੍ਰਧਾਨ ਨੇ ਇੱਥੋਂ ਤੱਕ ਕਿਹਾ ਕਿ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਕੈਪਟਨ ਸਰਕਾਰ ਦੇ ਸੰਪਰਕ ਵਿੱਚ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਕਾਂਗਰਸ ਸਰਕਾਰ (Congress Government) ਤੇ ਭਾਜਪਾ ਵਿਰੋਧੀ ਸਿਆਸੀ ਪਾਰਟੀਆਂ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।
ਉਨ੍ਹਾਂ ਇਲਜ਼ਾਮ ਲਾਇਆ ਕਿ ਮੋਗਾ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਮਗਰੋਂ ਕਿਸਾਨ ਆਗੂਆਂ 'ਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਵਿੱਚ ਅੱਜ ਤੱਕ ਚੁੱਪ ਰਹਿਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਇਸ ਅੰਦੋਲਨ ਨੂੰ ਕਾਂਗਰਸ ਤੇ ਭਾਜਪਾ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਪੈਸਾ ਤੇ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਦੀ ਆੜ ਹੇਠ ਭਾਜਪਾ ਦੀ ਬੇੜੀ ’ਚ ਵੱਟੇ ਪਾਉਣ ਦੀਆਂ ਅਸਫ਼ਲ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ। ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੀਆਂ ਨਾਲਾਇਕੀਆਂ ਛੁਪਾਉਣ ਲਈ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਪ੍ਰਤੀ ਭੜਕਾਉਣ ਤੇ ਅੰਦੋਲਨ ਲਈ ਉਕਸਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 2018-19 ਤੇ 2019-20 ਵਿੱਚ ਕਿਸਾਨਾਂ ਲਈ ਮਸ਼ੀਨਰੀ ਖਰੀਦਣ ਵਾਸਤੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਫੰਡਾਂ ਨੂੰ ਵੀ ਖੁਰਦ-ਬੁਰਦ ਕਰ ਦਿੱਤਾ, ਜਿਸ ਕਾਰਨ ਕਿਸਾਨ ਨਵੀਂ ਤਕਨੀਕ ਤੋਂ ਵਾਂਝੇ ਰਹਿ ਗਏ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਉਨ੍ਹਾਂ ਨੂੰ ਅਗਾਂਹਵਧੂ ਬਣਾਉਣ ਲਈ ਵਚਨਬੱਧ ਹੈ, ਇਸ ਕਾਰਨ ਕੇਂਦਰ ਸਰਕਾਰ ਨੇ ਇਸ ਸਾਲ ਵੀ ਹਾੜੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ 40 ਰੁਪਏ ਤੋਂ ਲੈ ਕੇ 400 ਰੁਪਏ ਤੱਕ ਦਾ ਵਾਧਾ ਕੀਤਾ ਹੈ।