ਚੰਡੀਗੜ੍ਹ: ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਬੁੱਧਵਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਨਮਾਨਿਤ ਕੀਤਾ।
ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾ ਜਨਮ ਦਿਹਾੜੇ ਦੀ ਯਾਦ ਵਿੱਚ ਸੂਬਾ ਭਰ ਵਿੱਚ ਕਰਵਾਏ ਲੜੀਵਾਰ ਸਮਾਗਮਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਅਜਿਹੇ ਉਪਰਾਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਮਹਾਨ ਸਿੱਖ ਜਰਨੈਲ ਦੇ ਸਤਿਕਾਰ ਵਿੱਚ ਸਰਹਿੰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਆਦਮ ਕੱਦ ਬੁੱਤ ਸਥਾਪਤ ਕਰਨ ਦੇ ਫੈਸਲੇ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।