ਚੰਡੀਗੜ੍ਹ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਗਏ ਗੁਰਦੀਪ ਸਿੰਘ ਰਾਣੋ ਨਾਮਕ ਨਸ਼ਾ ਤਸਕਰ ਦੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਗੂੜ੍ਹੇ ਸਬੰਧਾਂ ਉੱਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਿਲੀਭੁਗਤ ਹੋਣ ਦਾ ਇਲਜ਼ਾਮ ਲਗਾਇਆ ਹੈ।
ਚੀਮਾ ਨੇ ਕਿਹਾ ਕਿ ਇਹ ਨਸ਼ਾ ਤਸਕਰ ਪਹਿਲਾਂ ਅਕਾਲੀਆਂ ਵੇਲੇ ਸਰਪ੍ਰਸਤੀ ਹੇਠ ਕਾਰਜ ਕਰ ਰਹੇ ਸਨ ਅਤੇ ਸਰਕਾਰ ਬਦਲਣ ਤੋਂ ਬਾਅਦ ਹੁਣ ਕਾਂਗਰਸੀ ਇਨ੍ਹਾਂ ਨੂੰ ਪਨਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਣੂ ਕੋਲੋਂ ਫੜੇ ਗਏ ਭਾਰੀ ਮਾਤਰਾ ਵਿੱਚ ਨਸ਼ੇ, ਪੈਸੇ ਅਤੇ ਦਰਜਨਾਂ ਮਹਿੰਗੀਆਂ ਕਾਰਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕੰਮ ਅਕਾਲੀ ਸਰਕਾਰ ਵਾਂਗ ਜਿਉਂ ਦਾ ਤਿਉਂ ਹੀ ਚੱਲ ਰਿਹਾ ਹੈ।