ਪ੍ਰਤਾਪ ਬਾਜਵਾ ਦੀ ਡਰੱਗ ਮਾਫੀਆ ਖਿਲਾਫ ਲਿਖੀ ਚਿੱਠੀ 'ਤੇ ਭੱਖੀ ਸਿਆਸਤ - ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ ਵੱਲੋਂ ਕੇਂਦਰ ਨੂੰ ਲਿਖੀ ਚਿੱਠੀ ਤੋਂ ਪੰਜਾਬ ਦੇ ਮੰਤਰੀ ਅਣਜਾਨ ਹਨ। ਕੈਬਿਨੇਟ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਕੀਤੀ ਹੈ ਤੇ ਅੱਗੇ ਵੀ ਕਰਾਂਗੇ।
ਚੰਡੀਗੜ੍ਹ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਸ਼ੇ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਨੇ ਵਿਵਾਦ ਸ਼ੁਰੂ ਕਰ ਦਿੱਤਾ। ਇਸ ਬਾਰੇ ਪੰਜਾਬ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਦੇ ਵਿੱਚ ਫਸੇ 3 ਲੱਖ 87 ਹਜ਼ਾਰ ਪੀੜ੍ਹਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ। ਸਿੱਧੂ ਨੇ ਵੀ ਕਿਹਾ ਕਿ ਜੋ ਵੀ ਸਾਡੇ ਬੱਚਿਆਂ ਦਾ ਘਾਣ ਕਰ ਰਹੇ ਹਨ, ਉਨ੍ਹਾਂ ਦੇ ਖਿਲਾਫ ਕਾਰਵਾਈ ਕਰ ਰਹੇ ਹਾਂ ਅਤੇ ਅੱਗੇ ਵੀ ਕਰਾਂਗੇ।
ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਸ਼ਾ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਦੇ ਵਿੱਚ ਅਸਮਰੱਥ ਰਹੀਆਂ ਹਨ। ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਲਿਖੀ ਚਿੱਠੀ ਦੇ ਵਿੱਚ ਬਾਜਵਾ ਨੇ ਜ਼ਿਕਰ ਕੀਤਾ ਕਿ ਪੁਲਿਸ ਤੇ ਰਾਜਨੀਤਕ ਲੋਕਾਂ ਦੇ ਡਰੱਗ ਨੈਕਸਸ 'ਤੇ ਐੱਸਟੀਐੱਫ ਦੀ ਰਿਪੋਰਟ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ।