ਚੰਡੀਗੜ੍ਹ :ਮੁੱਖ ਮੰਤਰੀ ਨੇ ਵੱਖ-ਵੱਖ ਮਸਲਿਆਂ ਬਾਰੇ ਪੰਜਾਬ ਵਾਸੀਆਂ ਦੇ ਸਵਾਲਾਂ ਦਾ ਜਵਾਬ ਦਿੱਤਾ। ਇੱਕ ਸ਼ਿਕਾਇਤ ਪਟਿਆਲਾ ਜ਼ਿਲ੍ਹੇ ਤੋਂ ਇੱਕ ਪੰਚਾਇਤ ਮੈਂਬਰ ਨੇ ਉਨ੍ਹਾਂ ਦੇ ਪਿੰਡ ਦੇ ਨੇੜੇ ਵੱਡੀ ਪੱਧਰ 'ਤੇ ਨਕਲੀ ਦੁੱਧ ਦੇ ਉਤਪਾਦਨ ਦੀ ਕੀਤੀ । ਇਸ ਸ਼ਿਕਾਇਤ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਨੂੰ ਇਸ ਦੀ ਪੜਤਾਲ ਕਰਨ ਲਈ ਕਹਿ ਰਹੇ ਹਨ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਗੈਰ-ਕਾਨੂੰਨੀ ਸ਼ਰਾਬ ਦੀ ਸਪਲਾਈ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵਾਅਦਾ
ਪਠਾਨਕੋਟ ਜ਼ਿਲ੍ਹੇ ਦੇ ਪਿੰਡ ਖਡਵਾਰ ਵਿੱਚ ਗੈਰ-ਕਾਨੂੰਨੀ ਸ਼ਰਾਬ ਦੀ ਸਪਲਾਈ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੂੰ ਆਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਨੇ ਪਿਛਲੇ ਕੁੱਝ ਮਹੀਨਿਆਂ ਵਿੱਚ ਕੁੱਝ ਇਲਾਕਿਆਂ 'ਚ ਨਕਲੀ ਸ਼ਰਾਬ ਦੀ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ।
ਬਸੇਰਾ ਸਕੀਮ ਛੇਤੀ ਤੋਂ ਛੇਤੀ ਲਾਗੂ ਕੀਤੀ ਜਾਵੇਗੀ
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦਫ਼ਤਰ ਨੂੰ ਰਾਜਪੁਰਾ ਦੇ ਗਰੀਬ ਅਤੇ ਬਜ਼ੁਰਗ ਦਿਵਿਆਂਗ ਵਸਨੀਕ ਨਾਨਕ ਸਿੰਘ ਨਾਲ ਸੰਪਰਕ ਕਰਨ ਲਈ ਕਿਹਾ। ਨਾਨਕ ਸਿੰਘ ਨੂੰ ਮਦਦ ਦੀ ਸਖ਼ਤ ਜ਼ਰੂਰਤ ਹੋਣ ਦਾ ਜ਼ਿਕਰ ਇੱਕ ਸਵਾਲਕਰਤਾ ਨੇ ਕੀਤਾ। ਮੁੱਖ ਮੰਤਰੀ ਨੇ ਉਸ ਨੂੰ ਹਰੇਕ ਤਰ੍ਹਾਂ ਦੀ ਮਦਦ ਦੇਣ ਦਾ ਵਾਅਦਾ ਕੀਤਾ। ਲੁਧਿਆਣਾ ਦੇ ਇਕ ਵਾਸੀ ਨੇ ਧੰਨਵਾਦ ਜ਼ਾਹਰ ਕਰਨ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਬਸੇਰਾ ਸਕੀਮ ਛੇਤੀ ਤੋਂ ਛੇਤੀ ਲਾਗੂ ਕੀਤੀ ਜਾਵੇਗੀ ਅਤੇ ਗਰੀਬਾਂ ਨੂੰ ਲਾਭ ਪਹੁੰਚਾਇਆ ਜਾਵੇਗਾ।
ਅਨੰਦਪੁਰ ਸਾਹਿਬ ਦੀ ਸੜਕ ਨੂੰ ਮੁਕੰਮਲ ਕਰਨ ਦਾ ਭਰੋਸਾ ਦਵਾਇਆ
ਗੜ੍ਹਸ਼ੰਕਰ ਦੇ ਇੱਕ ਵਸਨੀਕ ਨੇ ਅਨੰਦਪੁਰ ਸਾਹਿਬ ਨੂੰ ਜਾਂਦੀ ਸੜਕ ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਪਹਿਲੇ ਹੀ ਹਦਾਇਤ ਕਰ ਦਿੱਤੀ ਹੈ ਕਿ ਹੋਲੇ-ਮਹੱਲੇ ਤੋਂ ਪਹਿਲਾਂ ਬਾਕੀ ਰਹਿੰਦੇ 1.1 ਕਿਲੋਮੀਟਰ ਦੇ ਹਿੱਸੇ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਿੰਡ ਕਾਹਨਪੁਰ ਖੂਹੀ ਨੇੜੇ ਸੜਕ ਦੇ ਟੋਟੇ ਦੇ ਮੁਰੰਮਤ ਦੇ ਕੰਮ ਨੂੰ ਤਿਉਹਾਰ ਤੋਂ ਪਹਿਲਾਂ ਪੂਰਾ ਕਰ ਦਿੱਤਾ ਜਾਵੇਗਾ।
ਕਪੂਰਥਲਾ ਮੈਡੀਕਲ ਕਾਲਜ ਦਾਖਲਾ ਹੋਵੇਗਾ ਸ਼ੁਰੂ
ਕਪੂਰਥਲਾ ਦੇ ਨੌਜਵਾਨ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਪੂਰਥਲਾ ਮੈਡੀਕਲ ਕਾਲਜ ਲਈ ਦਾਖਲਾ ਇਸ ਸਾਲ ਅਗਸਤ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ। ਜਿੱਥੋਂ ਤੱਕ ਅੰਮ੍ਰਿਤਸਰ ਜੌੜਾ ਫਾਟਕ ਲਈ ਓਵਰ-ਬ੍ਰਿਜ ਦੇ ਕੰਮ ਦਾ ਸਵਾਲ ਹੈ, ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਾਸੀ ਨੂੰ ਦੱਸਿਆ ਕਿ ਨਗਰ ਸੁਧਾਰ ਟਰੱਸਟ ਵੱਲੋਂ ਅੰਡਰਪਾਸ ਲਈ 25 ਕਰੋੜ ਰੁਪਏ ਦੀ ਕੁੱਲ ਰਾਸ਼ੀ ਰੇਲਵੇ ਕੋਲ ਜਮ੍ਹਾਂ ਕਰਵਾ ਦਿੱਤੀ ਗਈ ਹੈ ਜਿਸ ਦੇ ਟੈਂਡਰ ਕੱਢੇ ਗਏ ਹਨ ਅਤੇ ਅਲਾਟਮੈਂਟ ਦੀ ਪ੍ਰਕ੍ਰਿਆ ਅੰਤਿਮ ਪੜਾਅ ਉਤੇ ਹੈ ਅਤੇ ਕੰਮ ਛੇਤੀ ਸ਼ੁਰੂ ਹੋਣ ਦੀ ਆਸ ਹੈ। ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈਜ਼ ਅਤੇ ਐਲ.ਡੀ.ਸੀ. ਦੀ ਜੁਆਇਨਿੰਗ ਲਈ ਨਿਯੁਕਤੀ ਦੇ ਹੁਕਮ ਇਸੇ ਮਹੀਨੇ ਦੇ ਅੰਦਰ ਜਾਰੀ ਕਰਨ ਦਾ ਭਰੋਸਾ ਦਿੱਤਾ।