ਚੰਡੀਗੜ:ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 'ਆਪ' ਦੀ ਸਰਕਾਰ ਸੂਬੇ ਦੇ ਪੁਲਿਸ ਮੁਲਾਜ਼ਮਾਂ ਸਮੇਤ ਸਰਕਾਰੀ ਮੁਲਾਜ਼ਮਾਂ ਦੇ ਮਾਮਲੇ ਪ੍ਰਮੁੱਖਤਾ ਨਾਲ ਵਿਚਾਰ ਕੇ ਹੱਲ ਕਰੇਗੀ। ਉਨਾਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਂਦੇ ਰਹੇ ਹਨ, ਪਰ ਰਿਵਾਇਤੀ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਹੈ।
ਮਾਨ ਮੁਤਾਬਕ ਜਦੋਂ ਤੱਕ ਪੁਲਿਸ ਪ੍ਰਸ਼ਾਸਨ 'ਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਬੇਲੋੜੀ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਚੁਸਤ- ਦੁਰਸਤ ਨਹੀਂ ਕੀਤਾ ਜਾ ਸਕਦਾ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹਰ ਵਾਰ ਦੀ ਤਰਾਂ ਇਸ ਵਾਰ ਵਿਧਾਨ ਸਭਾ ਚੋਣਾਂ ਸਮੇਂ ਆਪਣੀ ਕਾਰਜਕੁਸ਼ਲਤਾ ਦਾ ਸੁਚੱਜਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਬੂਥ ਤੋਂ ਲੈ ਕੇ ਸਟ੍ਰਾਂਗ ਰੂਮ ਤੱਕ ਸੁਰੱਖਿਆ ਮਜ਼ਬੂਤ ਕੀਤੀ ਹੈ ਅਤੇ ਵੋਟਰਾਂ ਸਮੇਤ ਡਿਊਟੀ ਮੁਲਾਜ਼ਮਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਸਾਰਥਕ ਰੋਲ ਅਦਾ ਕੀਤਾ ਹੈ।
ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ (Parkash Singh Badal and Capt. Amarinder Singh) ਨੂੰ ਪੰਜਾਬ ਪੁਲਿਸ 'ਤੇ ਹੀ ਵਿਸ਼ਵਾਸ ਨਹੀਂ ਹੈ, ਕਿਉਂਕਿ ਬਾਦਲ ਅਤੇ ਕੈਪਟਨ ਨੇ ਆਪਣੀ, ਆਪਣੇ ਪਰਿਵਾਰਾਂ ਅਤੇ ਹੋਰ ਕਰੀਬੀਆਂ ਦੀ ਸੁਰੱਖਿਆ ਲਈ ਬਣਾਏ 'ਸਪੈਸ਼ਲ ਪ੍ਰੋਟੈਕਸ਼ਨ ਯੂਨਿਟ' ਵਿੱਚ ਹੋਰਨਾਂ ਰਾਜਾਂ ਦੇ 209 ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ, ਜਦੋਂ ਕਿ ਪੰਜਾਬ ਦੇ ਕੇਵਲ 19 ਨੌਜਵਾਨਾਂ ਨੂੰ ਨੌਕਰੀ ਨਸੀਬ ਹੋਈ।