ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧਿਕਾਰੀਆਂ ਨਾਲ ਹਾਈਲੈਵਲ ਮੀਟਿੰਗ ਵੀ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਪਟਿਆਲਾ 'ਚ ਹੋਈ ਘਟਨਾ 'ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ ਹੈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।
ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।