ਚੰਡੀਗੜ੍ਹ: ਸਰਕਾਰ ਵੱਲੋਂ ਵਾਈਟ ਪੇਪਰ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਸਿਰ 2.63 ਲੱਖ ਕਰੋੜ ਦਾ ਕਰਜ਼ਾ ਹੈ। ਇਹ ਕਰਜ਼ਾ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 45.88 ਫੀਸਦੀ ਹੈ। ਇਸਦੇ ਨਾਲ ਹੀ ਦੱਸਿਆ ਹੈ ਕਿ ਪੰਜਾਬ ਪ੍ਰਤੀ ਵਿਅਕਤੀ ਆਮਦਨ ਵਿੱਚ 11ਵੇਂ ਨੰਬਰ 'ਤੇ ਪਹੁੰਚ ਗਿਆ ਹੈ। ਸਰਕਾਰ ਨੇ ਦੱਸਿਆ ਹੈ ਕਿ ਗੁਆਂਢੀ ਸੂਬੇ ਹਰਿਆਣਾ ਅਤੇ ਹਿਮਾਚਲ ਵੀ ਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਤੋਂ ਅੱਗੇ ਹਨ।
ਇਸਦੇ ਨਾਲ ਹੀ ਸਰਕਾਰ ਨੇ ਦੱਸਿਆ ਕਿ ਪੰਜਾਬ ਵਿੱਚ 6ਵਾਂ ਤਨਖਾਹ ਕਮਿਸ਼ਨ, ਜੋ ਕਿ 2016 ਵਿੱਚ ਲਾਗੂ ਹੋਣਾ ਸੀ, ਵਿਧਾਨ ਸਭਾ ਚੋਣਾਂ ਤੋਂ 6 ਮਹੀਨੇ ਪਹਿਲਾਂ ਜੁਲਾਈ 2021 ਵਿੱਚ ਲਾਗੂ ਕੀਤਾ ਗਿਆ ਸੀ। ਵ੍ਹਾਈਟ ਪੇਪਰ ਵਿੱਚ ਕਿਹਾ ਗਿਆ ਹੈ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦਾ ਮਾਲੀਆ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਨਾਲ ਹੀ ਕਿਹਾ ਕਿ ਪੰਜਾਬ ਨੂੰ 2021-22 ਵਿੱਚ ਮਾਈਨਿੰਗ ਤੋਂ ਸਿਰਫ਼ 137 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਮਾੜੀ ਮਾਈਨਿੰਗ ਨੀਤੀ ਦਾ ਨਤੀਜਾ ਹੈ।