ਚੰਡੀਗੜ੍ਹ: ਇੱਕ ਪਾਸੇ ਵਿਰੋਧੀ ਧਿਰ ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਨੂੰ ਲੈਕੇ ਪੰਜਾਬ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸ ਸਭ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann government) ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ।
ਮੁਫਤ ਬਿਜਲੀ ਦੇਣ ਦੇ ਕਿਆਸ: ਦੋਵਾਂ ਆਗੂਆਂ ਵਿਚਾਲੇ ਹੋਈ ਮੀਟਿੰਗ ਬਾਰੇ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਖਾਸ ਤੌਰ 'ਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਚਰਚਾ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਖਾਸ ਕਰਕੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ (300 units of free electricity) ਗਿਆ ਹੈ।
ਪੰਜਾਬ ਦੇ ਅਫ਼ਸਰਾਂ ਦੀ ਦਿੱਲੀ ਮੀਟਿੰਗ: ਇਹ ਗੱਲ ਇਸ ਲਈ ਵੀ ਚਰਚਾ ਵਿੱਚ ਹੈ ਕਿਉਂਕਿ ਇੱਕ ਦਿਨ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਸਤੇਂਦਰ ਜੈਨ ਦੇ ਨਾਲ ਰਾਘਵ ਚੱਢਾ ਨੇ ਇਸ ਸਬੰਧ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ ਸੀ। ਬੀਤੇ ਕੱਲ੍ਹ ਵੀ ਵਿਰੋਧੀ ਧਿਰ ਇਸ ਮੀਟਿੰਗ ਨੂੰ ਲੈ ਕੇ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੀ ਹੈ ਅਤੇ ਕਹਿ ਰਹੀ ਹੈ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਕਿਉਂਕਿ ਉਸ ਮੀਟਿੰਗ ਵਿੱਚ ਨਾ ਤਾਂ ਪੰਜਾਬ ਦਾ ਮੁੱਖ ਮੰਤਰੀ ਅਤੇ ਨਾ ਹੀ ਊਰਜਾ ਮੰਤਰੀ ਮੌਜੂਦ ਸਨ।
ਭਗਵੰਤ ਮਾਨ ਦਾ ਟਵੀਟ: ਇਸ ਦੇ ਮੱਦੇਨਜ਼ਰ ਚਰਚਾ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਹੋਈ ਮੀਟਿੰਗ ਇਸ ਮੁੱਦੇ ਨੂੰ ਲੈ ਕੇ ਵਿਸ਼ੇਸ਼ ਤੌਰ 'ਤੇ ਹੋਈ ਹੋਵੇਗੀ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਤੋਂ ਵੀ ਹੋਈ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ “ਸਾਡੇ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਚੰਗੀ ਮੁਲਾਕਾਤ ਹੋਈ ਹੈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਖੁਸ਼ਖਬਰੀ ਦੇਵਾਂਗਾ।"
ਮੀਟਿੰਗ ਤੋਂ ਬਾਅਦ ਜਿਸ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਕਿਹਾ ਕਿ ਉਹ ਬਹੁਤ ਜਲਦੀ ਪੰਜਾਬ ਦੇ ਲੋਕਾਂ ਨੂੰ ਖੁਸ਼ਖਬਰੀ ਦੇਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਜਲਦੀ ਹੀ ਪੂਰਾ ਕਰ ਦੇਵੇਗੀ।
ਅਰਵਿੰਦ ਕੇਜਰੀਵਾਲ ਦਾ ਬਿਆਨ: ਇੱਥੇ ਇਸ ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਸੀ ਕਿ "ਅਸੀਂ ਸਾਰੇ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਉਨ੍ਹਾਂ ਨਾਲ ਹੀ ਲਿਖਿਆ ਹੈ ਕਿ ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ ਅਤੇ ਜਿਸ ਕਰਕੇ ਉਹ ਲੀਡਰਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟ ਰਾਜਨੀਤੀ ਤੋਂ ਅੱਕ ਚੁੱਕੇ ਹਨ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਲੋਕਾਂ ਲਈ ਦਿਨ ਰਾਤ ਕੰਮ ਕਰਨਾ ਪਵੇਗਾ।"
ਵਿਰੋਧੀਆਂ ਤੇ ਵਰ੍ਹੇ ਰਾਘਵ ਚੱਢਾ
'ਸੁਪਰਹਿੱਟ ਜੋੜੀ': ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵੀਟ ਕਰਕੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਹੈ। ਰਾਘਵ ਚੱਢਾ ਨੇ ਟਵੀਟ ਕਰਕੇ ਲਿਖਿਆ ਕਿ "ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ ! ਸਾਰੇ ਲੀਡਰ ਇਸ ਜੋੜੀ ਨੰਬਰ 1 ਤੋਂ ਸੜ ਰਹੇ ਹਨ। ਉਨ੍ਹਾਂ ਨਾਲ ਹੀ ਅੱਗੇ ਲਿਖਿਆ ਹੈ ਕਿ ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ।"
ਸ਼ਿਸ਼ਟਾਚਾਰ ਮੁਲਾਕਾਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਦਿੱਲੀ ਫੇਰੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਵੀ ਮਿਲੇ। ਭਗੰਵਤ ਮਾਨ ਵੱਲੋਂ ਸੀਐਮ ਬਣਨ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਅਤੇ ਉੱਪ ਰਾਸ਼ਟਰਪਤੀ ਨਾਲ ਮੁਲਕਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ:ਸੀਐੱਮ ਮਾਨ ਦਾ ਦਿੱਲੀ ਦੌਰਾ:ਰਾਸ਼ਟਰਪਤੀ,ਉਪ ਰਾਸ਼ਟਰਪਤੀ ਅਤੇ ਕੇਜਰੀਵਾਲ ਨਾਲ ਮੁਲਾਕਾਤ