ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਮਾਸ਼ਬੀਨ ਹੋਣ ਦੇ ਗੰਭੀਰ ਦੋਸ਼ ਲਗਾਏ ਹਨ। ਭਗਵੰਤ ਮਾਨ ਮੁਤਾਬਕ, '' ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਪੰਜਾਬ ਅਤੇ ਕਿਸਾਨ ਪੱਖੀ ਹੱਲ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਈ ਵੀ ਸਾਰਥਿਕ ਪਹਿਲ ਨਹੀਂ ਕੀਤੀ। ਸ਼ੁਰੂ ਤੋਂ ਹੀ ਦੋਗਲੀ ਨੀਤੀ ਅਤੇ ਡਰਾਮੇਬਾਜੀਆਂ 'ਤੇ ਜ਼ੋਰ ਰੱਖਿਆ। ਜਿਸ ਦਾ ਖ਼ਮਿਆਜ਼ਾ ਅੱਜ ਨਾ ਕੇਵਲ ਕਿਸਾਨ ਬਲਕਿ ਪੂਰਾ ਪੰਜਾਬ ਭੁਗਤ ਰਿਹਾ ਹੈ।
ਭਗੰਵਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਜੱਦੋ-ਜਹਿਦ ਨੂੰ ਤਮਾਸ਼ਬੀਨ ਬਣ ਕੇ ਦੇਖ ਰਹੇ ਅਮਰਿੰਦਰ ਸਿੰਘ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਲੜਾਈ ਸਿਰਫ਼ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੈ, ਪੰਜਾਬ ਸਰਕਾਰ ਇਸ ਵਿੱਚ ਕੀ ਕਰ ਸਕਦੀ ਹੈ? ਮਾਨ ਨੇ ਕਿਹਾ ਕਿ ਕੈਪਟਨ ਦੀ ਇਹ ਤਮਾਸ਼ਬੀਨ ਨੀਤੀ ਇੱਕ ਪਾਸੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁੱਝਾ ਸਮਰਥਨ ਕਰ ਰਹੀ ਹੈ। ਇਹੋ ਕਾਰਨ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਪੂਰੇ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਤਾਂ ਦੂਰ ਕੇਂਦਰੀ ਰੇਲ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਇੱਕ ਵੀ ਮੁਲਾਕਾਤ ਅਜੇ ਤੱਕ ਨਹੀਂ ਕੀਤੀ। ਇੱਥੋਂ ਤੱਕ ਕਿ ਇਹ ਕਾਲੇ ਬਿਲ ਸੰਸਦ 'ਚ ਪੇਸ਼ ਅਤੇ ਪਾਸ ਹੋਣ ਤੋਂ ਪਹਿਲਾਂ ਤੱਕ ਕੈਪਟਨ ਅਮਰਿੰਦਰ ਸਿੰਘ ਸਰਬ ਪਾਰਟੀ ਅਤੇ ਕਿਸਾਨ ਯੂਨੀਅਨਾਂ ਦੇ ਵਫ਼ਦ ਨੂੰ ਪ੍ਰਧਾਨ ਮੰਤਰੀ ਕੋਲ ਲੈ ਕੇ ਜਾਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ।