ਚੰਡੀਗੜ:ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੰਜ ਰੁਪਏ ਅਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਕੇ ਦਿੱਤੀ ਗਈ ਰਾਹਤ ਦਾ ਜਿਥੇ ਸਵਾਗਤ ਕੀਤਾ ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ।
ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਆਪਣੇ ਹਿੱਸੇ ਦੀ ਐਕਸਾਈਜ਼ ਡਿਊਟੀ 'ਚ ਆਪਣਾ ਹਿੱਸਾ ਘਟਾਉਣ ਤੋਂ ਬਾਅਦ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਨੇ ਵੀ ਵੈਟ 'ਚ ਕਟੌਤੀ ਕਰਕੇ ਜਨਤਾ ਨੂੰ ਬੜੀ ਵੱਡੀ ਰਾਹਤ ਦਿੱਤੀ ਹੈ, ਜਿਸ ਕਾਰਨ ਉਥੇ ਪੈਟਰੋਲ ਅਤੇ ਡੀਜ਼ਲ ਕੀਮਤ 95 ਰੁਪਏ ਤੋਂ ਹੇਠਾਂ ਪੁੱਜ ਗਈ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕੰਟਰੋਲ ਵਾਲੇ ਚੰਡੀਗੜ੍ਹ ਵਿੱਚ ਵੀ ਉੱਥੋਂ ਦੇ ਪ੍ਰਸ਼ਾਸਨ ਨੇ ਆਪਣੇ ਕੋਟੇ ਦਾ ਵੈਟ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਹੁਣ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 94.23 ਰੁਪਏ ਅਤੇ ਡੀਜ਼ਲ ਦੀ ਕੀਮਤ 82.64 ਰੁਪਏ ਹੋ ਗਈ ਹੈ। ਜਦੋਂ ਕਿ ਪੰਜਾਬ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 106.20 ਰੁਪਏ ਅਤੇ ਡੀਜ਼ਲ ਦੀ ਕੀਮਤ 89.83 ਰੁਪਏ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦਾ ਵੈਟ ਘਟਾ ਕੇ ਸੂਬੇ ਦੇ ਲੋਕਾਂ ਨੂੰ ਰਾਹਤ ਕਿਉਂ ਨਹੀਂ ਦੇ ਰਹੀ ?