ਚੰਡੀਗੜ੍ਹ: ਪ੍ਰਵਾਸੀ ਭਾਰਤੀਆਂ (NRIs) ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦਾ ਫੌਰੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਹਾਇਕ ਕਮਿਸ਼ਨਰ ਦੀਆਂ 23 ਅਸਾਮੀਆਂ ਨੂੰ ਖਤਮ ਕਰਕੇ ‘ਮੁੱਖ ਮੰਤਰੀ ਫੀਲਡ ਅਫਸਰ’ ਦੀਆਂ 23 ਅਸਾਮੀਆਂ ਦੀ ਸਿਰਜਣਾ ਕੀਤੀ ਗਈ ਸੀ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ 'ਤੇ ਕਰਨ ਲਈ ਉਨ੍ਹਾਂ ਨੂੰ ਬਿਹਤਰ ਅਸਰਦਾਰ ਅਤੇ ਸ਼ਕਤੀਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ।
ਭਗਵੰਤ ਮਾਨ ਨੇ ਦੱਸਿਆ ਕਿ ਇਕ ਹੋਰ ਮਹੱਤਵਪੂਰਨ ਫੈਸਲੇ ਲੈਂਦੇ ਹੋਏ ਸੂਬਾ ਸਰਕਾਰ ਨੇ ਹੁਣ NRIs ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਦੇ ਤੌਰ ਉਤੇ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਅਧਿਕਾਰੀ ਪ੍ਰਵਾਸੀ ਭਾਰਤੀਆਂ ਲਈ ਆਦਰਸ਼ ਨੋਡਲ ਅਫਸਰ ਸਾਬਤ ਹੋਣਗੇ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਨਾਲ ਸਿੱਧਾ ਸੰਪਰਕ ਕਰਨ ਦੇ ਨਾਲ-ਨਾਲ ਸਾਰੇ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਤਾਲਮੇਲ ਵੀ ਕਰ ਸਕਣਗੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀ ਇਹ ਵਿਲੱਖਣ ਪਹਿਲਕਦਮੀ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਹੁਣ NRIs ਲਈ ਆਪਣੀਆਂ ਸਾਰੀਆਂ ਸਮੱਸਿਆਵਾਂ ਦਾ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਹੱਲ ਕਰਵਾਉਣ ਲਈ ਇਕੋ ਜਗ੍ਹਾ ਪਹੁੰਚ ਕਰਨ ਦੀ ਵਿਵਸਥਾ ਕਾਇਮ ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮੁੱਚੀ ਵਿਧੀ ਨੂੰ ਵਿਕਸਤ ਕਰਨ ਦਾ ਇੱਕੋ-ਇੱਕ ਉਦੇਸ਼ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ ਛੇਤੀ ਸੁਲਝਾਉਣ ਨੂੰ ਯਕੀਨੀ ਬਣਾਉਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ NRIs ਭਰਾਵਾਂ ਨੂੰ ਘਰ ਵਾਪਸੀ ਮੌਕੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਪਹਿਲਾਂ ਹੀ ਤਰੱਕੀ ਦਾ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਜੇਕਰ ਕਿਸੇ ਵੀ NRIs ਦੀ ਕੋਈ ਸ਼ਿਕਾਇਤ ਹੋਵੇ ਤਾਂ ਉਸ ਦਾ ਨਿਪਟਾਰਾ ਉਸੇ ਵੇਲੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।
ਇਹ ਵੀ ਪੜ੍ਹੋ:ਵਿਜੀਲੈਂਸ ਨੇ ਮਾਲ ਰਿਕਾਰਡ 'ਚ ਹੇਰਾਫੇਰੀ ਕਰਕੇ ਸ਼ਾਮਲਾਤ ਜ਼ਮੀਨ ਵੇਚਣ ਵਾਲੇ 2 ਮੁਲਜ਼ਮ ਕਾਬੂ