ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਉਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਹਾਲ ਹੀ ਵਿੱਚ ਕੀਤੀ ਬਿਆਨਬਾਜ਼ੀ ਉਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੇ ਹਿੱਤ ਵਿੱਚ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਇਹੀ ਰਾਹ ਐਮ.ਐਲ. ਖੱਟਰ ਸਰਕਾਰ ਨੂੰ ਅਖਤਿਆਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ. ਦਲਾਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਬਾਰੇ ਹਾਲ ਹੀ ਕੀਤੀ ਬਿਆਨਬਾਜੀ ਦੀ ਸਖ਼ਤ ਨਿੰਦਾ ਕੀਤੀ ਹੈ।
ਤੋਮਰ ਵੱਲੋਂ ਦਿੱਲੀ ਪੁਲਿਸ ਦੇ ਹਵਾਲੇ ਨਾਲ ਸਿਰਫ਼ ਦੋ ਕਿਸਾਨਾਂ ਦੀ ਮੌਤ ਹੋਣ ਅਤੇ ਇੱਕ ਵੱਲੋਂ ਖੁਦਕੁਸ਼ੀ ਕਰ ਜਾਣ ਬਾਰੇ ਦਿੱਤੇ ਬਿਆਨ ਲਈ ਉਨ੍ਹਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਪੰਜਾਬ ਹੀ ਇਸ ਅੰਦੋਲਨ ਵਿੱਚ ਜਾਨ ਗੁਆ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਦਾ ਕਰ ਚੁੱਕਾ ਹੈ। ਇੱਥੋਂ ਤੱਕ ਕਿ ਮੀਡੀਆ ਵੀ ਵੱਖ-ਵੱਖ ਸੂਬਿਆਂ ਨਾਲ ਸਬੰਧਤ 200 ਕਿਸਾਨਾਂ, ਜੋ ਇਸ ਸੰਘਰਸ਼ ਵਿੱਚ ਫੌਤ ਹੋ ਚੁੱਕੇ ਹਨ, ਬਾਰੇ ਡੂੰਘਾਈ ਵਿੱਚ ਜਾਣਕਾਰੀ ਦੇ ਚੁੱਕਾ ਹੈ।
'ਭਾਜਪਾ ਪ੍ਰਚਾਰ 'ਤੇ ਕਰੋੜਾਂ ਖ਼ਰਚ ਸਕਦੀ ਹੈ, ਪਰ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ'
ਉਨ੍ਹਾਂ ਨੇ ਕਿਸਾਨਾਂ ਬਾਰੇ ਅਸੰਵੇਦਨਸ਼ੀਲ ਟਿੱਪਣੀ ਕਰਨ ਉਤੇ ਹਰਿਆਣਾ ਦੇ ਮੰਤਰੀ ਦਲਾਲ ਨੂੰ ਵੀ ਆੜੇ ਹੱਥੀਂ ਲਿਆ, ਜਿਸ ਨੇ ਕਿਹਾ ਸੀ ਕਿ ਇਸ ਅੰਦੋਲਨ ਵਿਚ ਮਾਰੇ ਗਏ ਕਿਸਾਨ ਜੇਕਰ ਘਰ ਹੁੰਦੇ ਤਾਂ ਵੀ ਮਰ ਜਾਂਦੇ। ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਕਿ ਕੇਂਦਰ ਸਰਕਾਰ ਦੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸਾਨ ਕਲਿਆਣ ਫੰਡ 'ਚੋਂ ਵਿੱਤੀ ਸਹਾਇਤਾ ਦੇਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸ਼ਰਮਨਾਕ ਗੱਲ ਹੈ ਕਿ ਜਿਹੜੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੀ ਪ੍ਰਚਾਰ ਮੁਹਿੰਮ ‘ਤੇ 8 ਕਰੋੜ ਰੁਪਏ ਖਰਚ ਕਰ ਸਕਦੀ ਹੈ, ਉਹ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਜਿਨ੍ਹਾਂ ਨੇ ਆਪਣੇ ਹੱਕਾਂ ਦੀ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ।