ਚੰਡੀਗੜ੍ਹ: ਪੰਜਾਬ ਵਿੱਚ ਇਕ ਪਾਸੇ 2022 ਵਿਧਾਨ ਸਭਾ ਚੋਣਾਂ ਨੂੰ ਚੋਣ ਪ੍ਰਚਾਰ ਤੇਜ਼ ਹੋ ਚੁੱਕਾ ਹੈ। ਉੱਥੇ ਹੀ ਦੂਜੇ ਪਾਸੇ ਸਿਆਸਤ ਵੀ ਕਾਫੀ ਭਖੀ ਹੋਈ ਹੈ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੁੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖਲ ਕਰਾਰ ਦਿੱਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਫ਼ੈਸਲਾ ਭਾਜਪਾ ਦੇ ਕਹਿਣ ’ਤੇ ਲਿਆ ਗਿਆ ਹੈ ਤੇ ਭਾਜਪਾ ਹੀ ਧਾਰਮਿਕ ਸੰਸਥਾ ’ਤੇ ਕਾਬਜ਼ ਹੋਣ ਦਾ ਯਤਨ ਕਰ ਰਹੀ ਹੈ।ਸਿਰਸਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਹੁਣ ਫਿਰ ਤੋਂ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ਦੀ ਕਾਰਵਾਈ ਨੂੰ ਅਨੈਤਿਕ ਕਰਾਰ ਦਿੰਦਿਆਂ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਇਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ।