ਚੰਡੀਗੜ੍ਹ: ਪੰਜਾਬ ਭਾਜਪਾ ਵੱਲੋਂ ਨਵੀਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਫਦ ਵੱਲੋਂ ਭਗਵੰਤ ਮਾਨ ਸਰਕਾਰ ਖਿਲਾਫ਼ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਭਗਵੰਤ ਮਾਨ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ।
ਅਪਰਾਧਿਕ ਘਟਨਾਵਾਂ ਨੂੰ ਲੈਕੇ ਚੁੱਕੇ ਸਵਾਲ: ਇਸ ਦੌਰਾਨ ਉਨ੍ਹਾਂ ਮਾਨ ਸਰਕਾਰ ਉੱਪਰ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ ਜਿਸਦੇ ਚੱਲਦੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਦਿਨ ਨਹੀਂ ਜਿਸ ਦਿਨ ਕੋਈ ਘਟਨਾ ਨਾ ਵਾਪਰੀ ਹੋਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 6 ਖਿਡਾਰੀਆਂ ਦੇ ਕਤਲ ਤੱਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਨਾਗਰਿਕ ਸੁਰੱਖਿਅਤ ਨਹੀਂ ਹਨ।
ਕੇਜਰੀਵਾਲ ਦੀ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ’ਤੇ ਸਵਾਲ: ਇਸਦੇ ਨਾਲ ਹੀ ਪਿਛਲੇ ਦਿਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੀਐਮ ਭਗਵੰਤ ਮਾਨ ਦੀ ਗੈਰ ਮੌਜੂਦਗੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਕੀਤੀ ਮੀਟਿੰਗ ਨੂੰ ਲੈਕੇ ਵੀ ਅਸ਼ਵਨੀ ਸ਼ਰਮਾ ਵੱਲੋਂ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਭਾਜਪਾ ਆਗੂ ਨੇ ਕਿਹਾ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਕਿਵੇਂ ਕਿਸੇ ਹੋਰ ਸੂਬੇ ਦੇ ਅਫਸਰਾਂ ਨਾਲ ਮੁਲਾਕਾਤ ਕਰ ਸਕਦੇ ਹਨ ?