ਚੰਡੀਗੜ੍ਹ: ਭਾਜਪਾ ਨੇ ਰਾਸ਼ਟਰਪਤੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਸਮਰਥਨ ਮੰਗਿਆ ਹੈ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕੀਤੀ ਹੈ। ਹਾਲਾਂਕਿ ਸੁਖਬੀਰ ਬਾਦਲ ਵਲੋਂ ਇਸ 'ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
ਕੋਰ ਕਮੇਟੀ ਦੀ ਮੀਟਿੰਗ 'ਚ ਫੈਸਲਾ: ਅਕਾਲੀ ਦਲ ਨੇ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਬਾਰੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਜਿਸ 'ਤੇ ਅੰਤਿਮ ਫੈਸਲਾ ਲਿਆ ਜਾਵੇਗਾ। ਸੂਤਰਾਂ ਮੁਤਾਬਕ ਅਕਾਲੀ ਦਲ ਮੁਰਮੂ ਨੂੰ ਸਮਰਥਨ ਦੇ ਸਕਦਾ ਹੈ। ਜਦਕਿ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਸਾਂਝਾ ਉਮੀਦਵਾਰ ਬਣਾਇਆ ਹੈ।
ਖੇਤੀ ਕਾਨੂੰਨਾਂ ਕਾਰਨ ਹੋਏ ਸੀ ਵੱਖ: ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਰੀਬ 24 ਸਾਲ ਰਿਹਾ ਹੈ। ਪਿਛਲੇ ਸਾਲ ਕੇਂਦਰ ਸਰਕਾਰ ਨੇ ਖੇਤੀ ਸੁਧਾਰ ਕਾਨੂੰਨ ਲਿਆਂਦਾ ਸੀ। ਇਸ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਸਭ ਤੋਂ ਪਹਿਲਾਂ ਕੇਂਦਰ ਵਿੱਚ ਹਰਸਿਮਰਤ ਬਾਦਲ ਦਾ ਮੰਤਰੀ ਅਹੁਦਾ ਛੱਡ ਦਿੱਤਾ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਭਾਜਪਾ ਨਾਲ ਆਪਣੀ ਸਾਂਝ ਤੋੜ ਦਿੱਤੀ ਗਈ। ਪੰਜਾਬ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਇਕੱਠੇ ਹੋਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਦੋਵਾਂ ਪਾਰਟੀਆਂ ਨੂੰ ਚੋਣਾਂ 'ਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਇਹ ਕਵਾਇਦ ਅੱਗੇ ਨਹੀਂ ਵਧ ਸਕੀ।
ਭਾਜਪਾ ਛੱਡਣ ਦਾ ਅਕਾਲੀ ਦਲ ਨੂੰ ਨੁਕਸਾਨ: ਭਾਜਪਾ ਨੂੰ ਛੱਡਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਆਦਾ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਿੱਚ ਉਨ੍ਹਾਂ ਦੀ ਪ੍ਰਤੀਨਿਧਤਾ ਖ਼ਤਮ ਹੋ ਗਈ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸਿਰਫ਼ 3 ਸੀਟਾਂ ਮਿਲੀਆਂ। ਹਾਲਾਂਕਿ ਭਾਜਪਾ ਵੀ ਸਿਰਫ਼ ਦੋ ਸੀਟਾਂ 'ਤੇ ਹੀ ਸਿਮਟ ਗਈ। ਜੇਕਰ ਦੋਵੇਂ ਇਕੱਠੇ ਹੁੰਦੇ ਤਾਂ ਲਗਭਗ 9 ਸੀਟਾਂ ਹੋਰ ਜਿੱਤ ਸਕਦੇ ਸਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ 5ਵੇਂ ਨੰਬਰ 'ਤੇ ਆਉਣ ਤੋਂ ਬਾਅਦ ਅਕਾਲੀ ਦਲ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ:ਅੰਮ੍ਰਿਤਸਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਦੀ ਆਈ ਫੇਕ ਕਾਲ, ਕਿਹਾ....