ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ਼ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ 'ਸ਼ਹਿਰੀ ਨਕਸਲੀ', 'ਖ਼ਾਲਿਸਤਾਨੀ’ ਅਤੇ ‘ਬਦਮਾਸ਼’ ਵਰਗੇ ਘਿਰਣਾਜਨਕ ਨਾਵਾਂ ਰਾਹੀਂ ਬਦਨਾਮ ਕਰਨ ਦੀਆਂ ਚਾਲਾਂ ਬੰਦ ਕਰਨ ਲਈ ਆਖਿਆ।
'ਨਾਗਰਿਕਾਂ ਅਤੇ ਅੱਤਵਾਦੀਆਂ ਦਰਿਮਆਨ ਫ਼ਰਕ ਨਾ ਸਮਝਣ ਵਾਲੀ ਪਾਰਟੀ ਨੂੰ ਸੱਤਾ ਦਾ ਵੀ ਕੋਈ ਹੱਕ ਨਹੀਂ'
ਮੁੱਖ ਮੰਤਰੀ ਨੇ ਕਿਹਾ, ''ਜੇਕਰ ਭਾਜਪਾ ਆਪਣੀ ਹੋਂਦ ਦੀ ਲੜਾਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ/ਦਹਿਸ਼ਤਗਰਦਾਂ/ਗੁੰਡਿਆਂ ਦਰਿਮਆਨ ਫ਼ਰਕ ਨਹੀਂ ਕਰ ਸਕਦੀ ਹੈ ਤਾਂ ਉਸ ਨੂੰ ਲੋਕਾਂ ਦੀ ਪਾਰਟੀ ਹੋਣ ਦਾ ਰਚਿਆ ਜਾ ਅਡੰਬਰ ਵੀ ਛੱਡ ਦੇਣਾ ਚਾਹੀਦਾ ਹੈ।'' ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਾਗਰਿਕਾਂ ਨੂੰ ਨਕਸਲੀ ਅਤੇ ਅੱਤਵਾਦੀ ਗਰਦਾਨਦੀ ਹੋਵੇ, ਉਸ ਪਾਰਟੀ ਕੋਲ ਇਨ੍ਹਾਂ ਨਾਗਰਿਕਾਂ ਉਤੇ ਸੱਤਾ ਕਰਨ ਦਾ ਵੀ ਕੋਈ ਹੱਕ ਨਹੀਂ ਹੈ।
ਪੰਜਾਬ ਵਿੱਚ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਦੱਸਣ 'ਤੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੂੰ ਆੜੇ ਹੱਥੀਂ ਲੈਂਦਿਆਂ ਕੈਪਟਨ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਨਾਲ ਭਾਜਪਾ ਲੀਡਰਸ਼ਿਪ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਖਾਤਰ ਬੁਖਲਾਹਟ ਵਿੱਚ ਆ ਕੇ ਨੀਵੇਂ ਪੱਧਰ ਉਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਖਫਾ ਹੋਏ ਕਿਸਾਨਾਂ ਵੱਲੋਂ ਕੀਤੇ ਅਜਿਹੇ ਪ੍ਰਦਰਸ਼ਨ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਭਾਜਪਾ ਦੀ ਹਕੂਮਤ ਵਾਲੇ ਹਰਿਆਣਾ ਅਤੇ ਉਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਵੀ ਹੋ ਰਹੇ ਹਨ। ਮੁੱਖ ਮੰਤਰੀ ਨੇ ਚੁੱਘ ਨੂੰ ਕਿਹਾ,”ਕੀ ਇਨ੍ਹਾਂ ਸਾਰੀਆਂ ਥਾਵਾਂ ਉਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਤਹਾਨੂੰ ਨਕਸਲੀਆਂ ਵਰਗੇ ਦਿਸਦੇ ਹਨ? ਕੀ ਇਸ ਦਾ ਮਤਲਬ ਹੈ ਕਿ ਹਰੇਕ ਪਾਸੇ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ?”
ਮੁੱਖ ਮੰਤਰੀ ਨੇ ਕਿਹਾ, ''ਇਨ੍ਹਾਂ ਸੂਬਿਆਂ ਦੇ ਨਾਲ-ਨਾਲ ਦਿੱਲੀ ਦੀਆਂ ਸਰਹੱਦਾਂ ਉਤੇ ਜੋ ਵੀ ਕੁਝ ਵੀ ਦੇਖਿਆ ਜਾ ਰਿਹਾ ਹੈ, ਇਹ ਅਸਲ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਖੇਤੀਬਾੜੀ ਉਤੇ ਖਰੀ ਨਾ ਉਤਰਨ ਵਾਲੀ ਨੀਤੀ ਅਤੇ ਉਸ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠ ਨਾ ਸਕਣ ਦੀ ਨਾਕਾਮੀ ਦੀ ਤਸਵੀਰ ਨੂੰ ਬਿਆਨਦੀ ਹੈ। ਉਨ੍ਹਾਂ ਦੁੱਖ ਜਾਹਰ ਕਰਦਿਆਂ ਕਿਹਾ ਕਿ ਅੰਨਦਾਤਿਆਂ ਦੀਆਂ ਦਲੀਲਾਂ ਉਤੇ ਗੌਰ ਕਰਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਪ੍ਰਤੀ ਹੁੰਗਾਰਾ ਭਰਨ ਦੀ ਬਜਾਏ ਭਾਜਪਾ ਕਿਸਾਨਾਂ ਨੂੰ ਬੇਇੱਜ਼ਤ ਕਰਨ ਅਤੇ ਉਹਨਾਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਪੂਰੀ ਤਰ੍ਹਾਂ ਉਲਟ, ਕਾਂਗਰਸ ਲੋਕਾਂ ਦੇ ਸ਼ਾਂਤਮਈ ਵਿਰੋਧ ਦੇ ਸੰਵਿਧਾਨਕ ਹੱਕ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ, ਜਿਸ ਨੂੰ ਕਿਸਾਨਾਂ ਦੇ ਅੰਦੋਲਨ ਦੇ ਸੰਦਰਭ ਵਿੱਚ ਸੁਪਰੀਮ ਕੋਰਟ ਨੇ ਵੀ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਕਿਹਾ, ''ਪਰ ਭਾਜਪਾ ਅਤੇ ਚੁੱਘ ਵਰਗੇ ਨੇਤਾ ਆਪਣੇ ਬੇਸ਼ਰਮੀ ਭਰੇ ਝੂਠਾਂ ਅਤੇ ਗਲਤ ਪ੍ਰਚਾਰ ਜ਼ਰੀਏ ਅਜਿਹੇ ਸਾਰੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ 'ਤੇ ਤੁਲੇ ਹੋਏ ਹਨ।''
'ਕਿਸਾਨਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਾਉਣ ਦੀ ਕੀਤੀ ਮੁੜ ਅਪੀਲ'
ਕਿਸਾਨਾਂ ਨੂੰ ਪਿਛਲੇ ਮਹੀਨਿਆਂ ਦੀ ਤਰ੍ਹਾਂ ਆਪਣੇ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਰੱਖਣ ਦੀ ਅਪੀਲ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਖੇਤੀਬਾੜੀ ਭਾਈਚਾਰੇ ਸਮੇਤ ਪੰਜਾਬ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਬੱਚਿਆਂ ਦੀ ਪੜ੍ਹਾਈ ਅਤੇ ਪੇਸ਼ੇਵਰਾਂ ਦੇ ਕੰਮ ਵਿਚ ਰੁਕਾਵਟ ਪੈਦਾ ਕਰਨ ਦੇ ਨਾਲ ਨਾਲ ਜ਼ਰੂਰੀ ਸੇਵਾਵਾਂ ਵਿਚ ਵੀ ਵਿਘਨ ਪਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚਲੀਆਂ ਵਿਰੋਧੀ ਪਾਰਟੀਆਂ ਅਤੇ ਭਾਜਪਾ ਦੀਆਂ ਭੜਕਾਊ ਕਾਰਵਾਈਆਂ ਵੱਲ ਧਿਆਨ ਨਾ ਦੇਣ ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਕਿਸਾਨੀ ਭਾਈਚਾਰੇ ਨੂੰ ਕੇਂਦਰ ਤੋਂ ਆਪਣੇ ਬਣਦੇ ਹੱਕ ਲੈਣ ਵਿੱਚ ਅੜਿੱਕੇ ਡਾਹੁਣਾ ਹੈ।