ਚੰਡੀਗੜ੍ਹ:ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਆਮ ਆਦਮੀ ਪਾਰਟੀ (Aam Aadmi Party) (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) 'ਤੇ ਪੰਜਾਬ ਵਿੱਚ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਸਬੰਧੀ ਗੁੰਮਰਾਹਕੁੰਨ ਬਿਆਨ ਦੀ ਨਿਖੇਧੀ ਕੀਤੀ।
ਕੇਜਰੀਵਾਲ ਨੂੰ ਆਪਣੇ ਆਪ ਨੂੰ ਅਪਡੇਟ ਰੱਖਣ ਦਾ ਸੁਝਾਅ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਲ ਅਤੇ ਭਰੋਸੇਯੋਗ ਪ੍ਰਕਿਰਿਆਵਾਂ ਰਾਹੀਂ ਜਨਤਕ ਮਾਮਲਿਆਂ ਦੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਂਟੀ-ਰੈੱਡ ਟੇਪ ਐਕਟ, 2021 ਪਹਿਲਾਂ ਹੀ ਲਾਗੂ ਕਰ ਦਿੱਤਾ ਹੈ, ਜੋ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਵੇਗਾ ਅਤੇ ਸ਼ਾਸਨ ਨੂੰ ਪ੍ਰਭਾਵਸ਼ਾਲੀ ਬਣਾਏਗਾ।
ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ (Brahma Mahindra) ਨੇ 10 ਮਾਰਚ, 2021 ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਐਂਟੀ-ਰੈਡ ਟੇਪ ਬਿੱਲ -2021 ਪੇਸ਼ ਕੀਤਾ ਸੀ, ਜਿਸ ਨੂੰ ਸਦਨ ਵੱਲੋਂ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ ਸੀ, ਜਿਸ ਅਨੁਸਾਰ ਸਰਕਾਰ ਨਾਗਰਿਕਾਂ ਅਤੇ ਕਾਰੋਬਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀਆਂ ਨੂੰ 50,000 ਰੁਪਏ ਤੱਕ ਦਾ ਜੁਰਮਾਨਾ ਜਾਂ ਸਬੰਧਤ ਕਰਮਚਾਰੀ ਨੂੰ ਬਰਖਾਸਤ ਕਰ ਸਕਦੀ ਹੈ। ਇਸ ਐਕਟ ਨੂੰ ਪੰਜਾਬ ਦੇ ਰਾਜਪਾਲ ਵੱਲੋਂ 26 ਮਾਰਚ, 2021 ਨੂੰ ਮਨਜ਼ੂਰੀ ਦੇਣ ਤੋਂ ਬਾਅਦ ਲਾਗੂ ਕੀਤਾ ਗਿਆ।