ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰ ਦੀਆਂ 359 ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਿੱਚ ਅਧਿਕਾਰੀਆਂ/ਮੁਲਾਜ਼ਮਾਂ ਦੀ ਬੇਹੱਦ ਘਾਟ ਹੈ, ਜਿਸ ਕਾਰਨ ਕਾਰਜਪ੍ਰਣਾਲੀ ਉਤੇ ਮਾੜਾ ਅਸਰ ਪੈ ਰਿਹਾ ਸੀ। ਇਨ੍ਹਾਂ ਆਸਾਮੀਆਂ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ 200, ਖੇਤੀਬਾੜੀ ਸਬ ਇੰਸਪੈਕਟਰਾਂ ਦੀਆਂ 150 ਅਤੇ ਲੈਬਾਰਟਰੀ ਸਹਾਇਕਾਂ ਦੀਆਂ ਨੌਂ ਆਸਾਮੀਆਂ ਸ਼ਾਮਲ ਹਨ, ਜਿਹੜੀਆਂ ਆਸਾਮੀਆਂ ਦੇ ਕਿਸੇ ਵੀ ਤਰ੍ਹਾਂ ਦੇ ਪੁਨਰਗਠਨ ਤੋਂ ਬਿਨਾਂ ਭਰੀਆਂ ਜਾਣਗੀਆਂ। ਇਹ ਆਸਾਮੀਆਂ ਭਰਨ ਨਾਲ ਖੇਤੀਬਾੜੀ ਵਿਕਾਸ ਸਕੀਮਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਅਤੇ ਕਿਸਾਨਾਂ ਨੂੰ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀਆਂ 80 ਆਸਾਮੀਆਂ ਨੂੰ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਵਿੱਚ ਮੁਸਤੈਦੀ ਯਕੀਨੀ ਬਣਾਉਣ ਲਈ ਨਵੇਂ ਜੂਡੀਸ਼ੀਅਲ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ।
ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਪਹਿਲਾਂ ਹੀ ਠੇਕੇ ਦੇ ਆਧਾਰ ਉਤੇ ਕੰਮ ਕਰਦੇ 497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪਹਿਲੀ ਅਪਰੈਲ 2022 ਤੋਂ 31 ਮਾਰਚ 2023 ਤੱਕ ਇਕ ਸਾਲ ਲਈ ਹੋਰ ਵਧਾਉਣ ਵਾਸਤੇ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।