ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸੀਪੀ ਅਨਿਲ ਕੋਹਲੀ, ਜਿਨ੍ਹਾਂ ਦਾ ਕੋਰੋਨਾ ਵਾਇਰਸ ਨਾਲ ਲੜਾਈ ਵਿੱਚ ਦੇਹਾਂਤ ਹੋ ਗਿਆ ਸੀ, ਦੇ ਛੋਟੇ ਬੇਟੇ ਨੂੰ ਉਸ ਦੀ ਗ੍ਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਐਸਆਈ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਬੁੱਧਵਾਰ ਨੂੰ ਅਧਿਕਾਰੀਆਂ ਨਾਲ ਕੀਤੀ ਵੀਡੀਓ ਕਾਨਫ਼ਰੰਸ ਵਿੱਚ ਡੀਜੀਪੀ ਦਿਨਕਰ ਗੁਪਤਾ ਨੇ ਇਹ ਖੁਲਾਸਾ ਕੀਤਾ ਕਿ ਏਸੀਪੀ ਕੋਹਲੀ ਦੇ ਪੁੱਤਰ ਪਾਰਸ ਦੀ ਨਿਯੁਕਤੀ 'ਤੇ ਪਹਿਲਾਂ ਹੀ ਉਨ੍ਹਾਂ ਵੱਲੋਂ ਦਸਤਖਤ ਕੀਤੇ ਜਾ ਚੁੱਕੇ ਹਨ ਅਤੇ ਉਸ ਦੇ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਨਿਯੁਕਤ ਕੀਤਾ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਮੂਹਰਲੀ ਕਤਾਰ 'ਚ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਸਿਹਤ ਅਤੇ ਭਲਾਈ ਲਈ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡੀਜੀਪੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੇਸ਼ 'ਚ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਪੰਜਾਬ ਪੁਲਿਸ ਦੇ ਜਵਾਨਾਂ ਲਈ 50 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਫਰੰਟਲਾਈਨ ਫੀਲਡ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਡੀਜੀਪੀ ਦੀ ਇਹ ਪਹਿਲੀ ਵੀਡੀਓ ਕਾਨਫ਼ਰੰਸ ਸੀ ਜਿਸ ਵਿੱਚ 117 ਡੀਐਸਪੀਜ਼, 382 ਐਸਐਚਓਜ਼ ਅਤੇ ਏਡੀਜੀਪੀਜ਼, ਆਈਜੀਜ਼, ਐਸਐਸਪੀਜ਼, ਐਸਪੀਜ਼ ਸਣੇ 687 ਅਧਿਕਾਰੀ ਸ਼ਾਮਲ ਸਨ।