ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (ਯੂਏਪੀਏ) 'ਤੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਤਾਜ਼ਾ ਬਿਆਨ ਨੂੰ ਲੈ ਕੇ ਉਨ੍ਹਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਲੀ ਮਾਨਸਿਕਤਾ ਨੂੰ ਦੋਹਰਾਉਣਾ ਚਾਹੁੰਦੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਹਰ ਸਿੱਖ ਨੂੰ ਯਾਦ ਹੈ ਕਿ ਕਿਵੇਂ ਇੰਦਰਾ ਗਾਂਧੀ ਨੇ ਪਵਿੱਤਰ ਸਿੱਖ ਧਾਰਮਿਕ ਸਥਾਨਾਂ 'ਤੇ ਟੈਂਕ ਚੜ੍ਹਾਉਣ ਨੂੰ ਜਾਇਜ਼ ਠਹਿਰਾਇਆ ਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਘੱਟ ਤੋਂ ਘੱਟ ਆਪਣਾ ਬਿਆਨ ਦੇਣ ਤੋਂ ਪਹਿਲਾਂ ਭਾਸ਼ਾ ਨੂੰ ਬਦਲ ਸਕਦੇ ਸੀ ਤਾਂ ਕਿ ਉਨ੍ਹਾਂ ਦੀ ਭਾਸ਼ਾ ਤੇ ਤਰਕ ਸੱਚੇ ਲੱਗਦੇ।
ਬਾਦਲ ਨੇ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਦੇ ਨਾਂਅ 'ਤੇ ਸਿੱਖਾਂ ਦੇ ਕਤਲੇਆਮ ਨੂੰ ਅੰਜਾਮ ਦੇਣ ਵਾਲੇ ਕਾਂਗਰਸੀ ਆਕਾਵਾਂ ਦੀਆਂ ਭੁੱਲਾਂ ਨੂੰ ਨਾ ਦੋਹਰਾਉਣ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਖ਼ੂਨ ਵਿੱਚ ਸਿੱਖ ਵਿਰੋਧੀ ਭੂਤ ਅਜੇ ਵੀ ਜਿੰਦਾ ਹੈ ਅਤੇ ਫਿਰ ਤੋਂ ਕੁੱਝ ਕਰਨ ਦੇ ਮੌਕੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖ ਆਗੂਆਂ ਦਾ ਇਸਤੇਮਾਲ ਸਿੱਖਾਂ ਨੂੰ ਸਿੱਖਾਂ ਦੇ ਹੀ ਖ਼ਿਲਾਫ਼ ਕਰਨ ਲਈ ਕੀਤਾ ਹੈ। ਬਾਦਲ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਨੇ ਮਹਿਸੂਸ ਕਰ ਲਿਆ ਹੈ ਕਿ ਲੋਕ ਉਨ੍ਹਾਂ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ।