ਪਟਿਆਲਾ: ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੀ ਸੂਬੇ ਵਿੱਚ ਜਾਤੀ ਅਤੇ ਧਾਰਮਿਕ ਟਕਰਾਅ ਦੇ ਬੀਜ ਬੀਜਣ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਕਦਮ ਇਨ੍ਹਾਂ ਪਾਰਟੀਆਂ 'ਤੇ ਉਲਟਫੇਰ ਕਰੇਗਾ। ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਕਸੁਰਤਾ ਵਾਲੇ ਸਮਾਜ ਦਾ ਧਰੁਵੀਕਰਨ ਕਰਨ ਦੀਆਂ ਇਨ੍ਹਾਂ ਪਾਰਟੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ 'ਚ ਚੁਣੇ ਜਾਣ 'ਤੇ ਦਲਿਤ ਡਿਪਟੀ ਮੁੱਖ ਮੰਤਰੀ ਦਾ ਐਲਾਨ ਕਰਕੇ ਫੁੱਟ ਪਾਊ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ, ਜੋ ਅਣਜਾਣੇ ਵਿੱਚ ਅਕਾਲੀਆਂ ਦੀ ਚਾਲ ਵਿੱਚ ਫਸ ਗਈ ਹੈ, ਜਾਤ ਦੇ ਅਧਾਰ 'ਤੇ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਆਪਣੀ ਗਲਤੀ ਦਾ ਭੁਗਤਾਨ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੀ ਇਹਨਾਂ ਪਾਰਟੀਆਂ ਨੇ ਕਦੇ ਸੋਚਿਆ ਹੈ ਕਿ ਅਜਿਹੀ ਵੰਡ ਦੇ ਸਾਡੇ ਵਰਗੇ ਸਰਹੱਦੀ ਸੂਬੇ ‘ਤੇ ਕੀ ਨਤੀਜੇ ਹੋ ਸਕਦੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹਨਾਂ ਪਾਰਟੀਆਂ ਵਿੱਚੋਂ ਕੋਈ ਵੀ ਆਪਣੀਆਂ ਵੱਖਵਾਦੀ ਨੀਤੀਆਂ ਦਾ ਲਾਭ ਨਹੀਂ ਚੁੱਕ ਸਕੇਗੀ। ਸੂਬੇ ਵਿੱਚ ਐਨਡੀਏ ਗਠਜੋੜ ਹੀ ਸਰਕਾਰ ਬਣਾਏਗਾ। ਉਨ੍ਹਾਂ ਨੇ ਵਿਸ਼ਵਾਸ਼ ਨਾਲ ਕਿਹਾ ਕਿ ਪੀ.ਐਲ.ਸੀ.-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਪਾਰਟੀਆਂ ਦੀਆਂ ਗੁਆਚੀਆਂ ਵੋਟਾਂ ਨੂੰ ਮਜ਼ਬੂਤ ਕਰੇਗਾ।
ਇਸ ਦੇ ਨਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਓਹਨਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਕਾਂਗਰਸ ਸਰਕਾਰ ਵੱਲੋਂ ਰੋਕਣ 'ਤੇ ਕਾਂਗਰਸ ਦੀ ਆਲੋਚਨਾ ਕੀਤੀ।
ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪਟਿਆਲਾ ਲਈ 1800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਅਲਾਟ ਕੀਤੇ ਸਨ। ਉਨ੍ਹਾਂ ਨੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਦਿਨ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ, ਉਸੇ ਦਿਨ ਤੋਂ ਹੀ ਇਹ ਪ੍ਰੋਜੈਕਟ ਰੋਕ ਦਿੱਤੇ ਗਏ ਸਨ।
ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇ ਕਿਉਂਕਿ ਇਨ੍ਹਾਂ ਦਾ ਕੂੜਾ ਡਰੇਨਾਂ ਨੂੰ ਬਲਾਕ ਕਰ ਦਿੰਦਾ ਹੈ। ਇਹ ਪ੍ਰਾਜੈਕਟ ਨੂੰ ਚੰਨੀ ਨੇ ਉਸੇ ਸ਼ਾਮ ਹੀ ਰੱਦ ਕਰ ਦਿੱਤਾ ਸੀ, ਜਿਸ ਸ਼ਾਮ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।