ਚੰਡੀਗੜ੍ਹ: ਨੌਵੇਂ ਪਾਤਸ਼ਾਹ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਆਓ ਸਾਰੇ ਇਹ ਪ੍ਰਕਾਸ਼ ਦਿਹਾੜਾ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਮਨਾਈਏ ਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਉਸ ਵਾਹਿਗੁਰੂ ਅੱਗੇ ਅਰਜ਼ੋਈ ਕਰੀਏ।"
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ।
ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, "ਗ਼ਰੀਬ ਨਿਵਾਜ, ਹੱਕ, ਸੱਚ ਤੇ ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ, ਗੁਰੂ ਪਾਤਸ਼ਾਹ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ਉੱਤੇ ਚੱਲਣ ਦਾ ਪ੍ਰਣ ਕਰੀਏ।"
ਹਰਸਿਮਰਤ ਬਾਦਲ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ, "ਨੌਵੇਂ ਪਾਤਸ਼ਾਹ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਪਾਤਸ਼ਾਹ ਜੀ ਦਾ ਲਾਸਾਨੀ ਤੇ ਪ੍ਰੇਰਨਾਦਾਇਕ ਜੀਵਨ-ਬਿਰਤਾਂਤ ਸਿੱਖ ਕੌਮ ਹੀ ਨਹੀਂ, ਬਲਕਿ ਸਮੁੱਚੀ ਮਨੁੱਖਤਾ ਅੰਦਰ ਸਵੈਮਾਣ ਦਾ ਜਜ਼ਬਾ ਭਰਦਾ ਹੈ।"