ਚੰਡੀਗੜ੍ਹ: ਕੋਰੋਨਾ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਬਾਈਲ ਆਧਾਰਿਤ ਐਪ 'ਘਰ ਘਰ ਨਿਗਰਾਨੀ' ਲਾਂਚ ਕੀਤੀ ਜਿਸ ਤਹਿਤ ਸੂਬੇ ਦੇ ਹਰ ਘਰ 'ਤੇ ਉਦੋਂ ਤੱਕ ਨਜ਼ਰਸਾਨੀ ਰੱਖੀ ਜਾਵੇਗੀ ਜਦੋਂ ਤੱਕ ਇਸ ਮਹਾਂਮਾਰੀ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਵੀਡਿਓ ਕਾਨਫਰੰਸ ਰਾਹੀਂ ਐਪ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਉਦਮ ਕੋਰੋਨਾ ਵਾਇਰਸ ਦੀ ਜਲਦੀ ਸ਼ਨਾਖਤ ਅਤੇ ਟੈਸਟਿੰਗ ਲਈ ਸਹਾਈ ਸਿੱਧ ਹੋਵੇਗਾ ਜਿਸ ਨਾਲ ਸਮੂਹਿਕ ਫੈਲਾਅ ਰੋਕਣ ਵਿੱਚ ਮੱਦਦ ਮਿਲੇਗੀ। ਇਸ ਮੁਹਿੰਮ ਵਿੱਚ ਆਸ਼ਾ ਵਰਕਰ ਤੇ ਕਮਿਊਨਿਟੀ ਵਲੰਟੀਅਰ ਸ਼ਾਮਲ ਹੋਣਗੇ।
ਵਧੀਕ ਮੁੱਖ ਸਕੱਤਰ (ਸਿਹਤ) ਅਨੁਰਾਗ ਅੱਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੀ ਪੰਜਾਬ ਦੀ ਸਾਰੀ ਸ਼ਹਿਰੀ ਤੇ ਪੇਂਡੂ ਵਸੋਂ ਦਾ ਸਰਵੇਖਣ ਕੀਤਾ ਜਾਵੇਗਾ। ਇਸ ਵਿੱਚ 30 ਸਾਲ ਤੋਂ ਘੱਟ ਉਮਰ ਦੇ ਭਿਆਨਕ ਸਾਹ ਦੀ ਬਿਮਾਰੀ ਤੋਂ ਪੀੜਤ ਅਤੇ ਵਾਇਰਸ ਵਰਗੀਆਂ ਹੋਰ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾਵੇਗਾ।