ਚੰਡੀਗੜ੍ਹ: ਪੰਜਾਬ ਵਿੱਚ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਵਿਰੋਧੀਆਂ ਵੱਲੋਂ ਸੂਬਾ ਸਰਕਾਰ ਨੂੰ ਘੇਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਈਵ ਹੋ ਕੇ ਇਸ ਔਖੀ ਘੜੀ ਨਾਲ ਇਕਜੁੱਟ ਹੋ ਕੇ ਨਜਿੱਠਣ ਦੀ ਅਪੀਲ ਕੀਤੀ ਅਤੇ ਵਿਰੋਧੀਆਂ ਨੂੰ ਸਿਆਸਤ ਨਾ ਕਰਨ ਦੀ ਨਸੀਹਤ ਦਿੱਤੀ ਹੈ।
ਕੋਰੋਨਾ ਸੰਕਟ: ਕੈਪਟਨ ਨੇ ਸਾਰਿਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਵਿਰੋਧੀਆਂ ਵੱਲੋਂ ਸੂਬਾ ਸਰਕਾਰ ਨੂੰ ਘੇਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਨੂੰ ਸਿਆਸਤ ਨਾ ਕਰਨ ਦੀ ਨਸੀਹਤ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਇਕੱਠੇ ਹੋ ਕੇ ਲੜਨ ਦਾ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਜਿੱਥੇ ਇਸ ਖ਼ਤਰਨਾਕ ਵਾਇਰਸ ਦੇ ਦੁਨੀਆ ਦੇ ਵੱਡੇ-ਵੱਡੇ ਦੇਸ਼ਾਂ ਨੂੰ ਬੇਵੱਸ ਕੀਤਾ ਹੋਇਆ ਹੈ, ਉਥੇ ਹੀ ਪੰਜਾਬ ਅਤੇ ਭਾਰਤ ਉੱਤੇ ਵਾਹਿਗੁਰੂ ਦੀ ਮਿਹਰ ਹੈ ਜੋ ਇੱਥੇ ਹਾਲਾਤ ਕਾਬੂ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਪ੍ਰਤੀ 100 ਮਾਮਲਿਆਂ ਵਿੱਚੋਂ 93 ਬਾਹਰੋਂ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਨੂੰ ਬੇਕਾਬੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆਏ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਜਾਂਚ ਤੋਂ ਪੰਜਾਬ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।