ਚੰਡੀਗੜ੍ਹ: ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਚੁੱਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਦੇ ਦਾਅਵੇ ਅਨੁਸਾਰ ਯੂਏਪੀਏ ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ।
ਉਨ੍ਹਾਂ ਸਾਫ ਕੀਤਾ ਕਿ ਕਿਸੇ ਉੱਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖ਼ਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖ਼ਿਲਾਫ਼ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।