ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਆਸੀ ਹਲਚਲ ਨੂੰ ਲੈ ਕੇ ਲੰਘੇ ਕੁਝ ਦਿਨਾਂ ਤੋਂ ਚਰਚਾ ਵਿਚ ਹਨ। ਤਾਜ਼ਾ ਘਟਨਾਕ੍ਰਮ ਵਿਚ ਉਹ ਅੱਜ ਦਿੱਲੀ ਰਵਾਨਾ ਹੋਣਗੇ। ਕੈਪਨਟ ਅਮਰਿੰਦਰ ਸਿੰਘ ਦੇ ਇਸ ਦੌਰੇ ਨੂੰ ਲੈ ਕੇ ਰਵੀਨ ਠੁਕਰਾਲ ਵਲੋਂ ਟਵੀਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਟਵੀਟ ਵਿਚ ਕਿਹਾ ਹੈ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ ਅਤੇ ਉਹ ਆਪਣੇ ਦੋਸਤਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਕਪੂਰਥਲਾ ਹਾਊਸ ਵਿਖੇ ਜਾਣਗੇ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੇ ਕਿਆਸ ਨਾ ਲਗਾਏ ਜਾਣ।
18 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤਾ ਗਿਆ ਸੀ ਅਸਤੀਫਾ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਲੰਬੀ ਖਿੱਚੋਤਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ 18 ਸਤੰਬਰ ਨੂੰ ਪੂਰੀ ਕੈਬਨਿਟ ਦੇ ਨਾਲ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਖੁਦ ਨੂੰ ਬੇਇਜ਼ਤ ਹੋਇਆ ਮਹਿਸੂਸ ਕਰ ਰਹੇ ਸਨ, ਜਿਸ ਪਿੱਛੋਂ ਉਨ੍ਹਾਂ ਨੇ ਅਹੁਦਾ ਛੱਡਣ ਦਾ ਫੈਸਲਾ ਲਿਆ।
ਦਰਅਸਲ ਪੰਜਾਬ ਦੀ ਸਿਆਸਤ ਵਿਚ ਬੀਤੇ ਇਕ ਹਫਤੇ ਵਿਚ ਜੋ ਕੁਝ ਹੋਇਆ ਹੈ ਉਸ ਤੋਂ ਬਾਅਦ ਸਭ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ 'ਤੇ ਹਨ। ਕੈਪਟਨ ਭਵਿੱਖ ਦੀ ਸਿਆਸਤ ਵਿਚ ਬਦਲ ਦੀ ਗੱਲ ਵੀ ਕਹਿ ਚੁੱਕੇ ਹਨ। ਅਜਿਹੇ ਵਿਚ ਸਵਾਲ ਬਣਿਆ ਹੋਇਆ ਹੈ ਕਿ ਕੀ ਕੈਪਟਨ ਕਾਂਗਰਸ ਦਾ ਹੱਥ ਛੱਡਣਗੇ? ਜੇਕਰ ਕੈਪਟਨ ਕਾਂਗਰਸ ਛੱਡਣਗੇ ਤਾਂ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ? ਪੰਜਾਬ ਵਿਚ ਅਗਲੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਸ ਤੋਂ ਪਹਿਲਾਂ ਕਾਂਗਰਸ ਨੇ ਤਾਂ ਅਮਰਿੰਦਰ ਸਿੰਘ ਨੂੰ ਹਟਾ ਕੇ ਪੰਜਾਬ ਨੂੰ ਪਹਿਲਾ ਦਲਿਤ ਮੁੱਖ ਮੰਤਰੀ ਦੇ ਦਿੱਤਾ, ਪਰ ਹੁਣ ਸਭ ਦੀਆਂ ਨਜ਼ਰਾਂ ਕੈਪਟਨ ਦੇ ਅਗਲੇ ਕਦਮ 'ਤੇ ਹਨ।
ਅਸਤੀਫਾ ਦੇਣ ਤੋਂ ਬਾਅਦ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਧੂ 'ਤੇ ਕੀਤੇ ਜਾ ਰਹੇ ਨੇ ਸ਼ਬਦੀ ਹਮਲੇ
ਅਸਤੀਫਾ ਦੇਣ ਤੋਂ ਬਾਅਦ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ 'ਤੇ ਹਮਲਾਵਰ ਹੋ ਰਹੇ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਹ ਕਾਂਗਰਸ ਦੇ ਨਾਲ ਹੀ ਰਹਿਣਗੇ ਜਾਂ ਆਉਣ ਵਾਲੇ ਦਿਨਾਂ ਵਿਚ ਦੂਜੀ ਪਾਰਟੀ ਵਿਚ ਸ਼ਾਮਲ ਹੋਣਗੇ। ਕਿਆਸ ਲਗਾਏ ਜਾ ਰਹੇ ਹਨ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਜਾਂ ਤਾਂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ ਜਾਂ ਖੁਦ ਦੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਮੰਤਰੀਆਂ ਨੂੰ ਮਿਲੇ ਮੰਤਰਾਲੇ, ਵੇਖੋ ਕਿਸ ਨੂੰ ਕੀ ਮਿਲਿਆ?